ਨਸ਼ਾ ਤਸਕਰਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪੁਲਿਸ ਦਾ ਵਿਸ਼ੇਸ਼ ਕਾਸੋ ਅਭਿਆਨ ਨਸ਼ਾ ਤਸਕਰਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਵਿਸ਼ੇਸ਼ ਕਾਸੋ ਅਭਿਆਨ
Publish Date: Sun, 22 Nov 2026 05:37 PM (IST)
Updated Date: Mon, 23 Nov 2026 04:05 AM (IST)
-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸ਼ੱਕੀ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ ਤੇ ਚੈਕਿੰਗ -ਐਸਐਸਪੀ ਅਭਿਮੰਨਿਊ ਰਾਣਾ ਨੇ ਲਿਆ ਜਾਇਜ਼ਾ, ਪੁਲਿਸ ਤੇ ਨੌਜਵਾਨਾਂ ਨੇ ਇਕੱਠਿਆਂ ਖੇਡਿਆ ਵਾਲੀਬਾਲ ਭੰਵਰਾ\ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡੀਜੀਪੀ ਪੰਜਾਬ ਅਤੇ ਆਈਜੀ ਫਰੀਦਕੋਟ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕੋਰਡਨ ਐਂਡ ਸਰਚ ਆਪਰੇਸ਼ਨ ‘ਕਾਸੋ’ ਚਲਾਇਆ ਗਿਆ। ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਇਹ ਅਭਿਆਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਮੁਹੱਲਿਆਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਇੱਕੋ ਸਮੇਂ ਸ਼ੁਰੂ ਕੀਤਾ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਵੱਲੋਂ ਪਹਿਲਾਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਰਹੇ ਵਿਅਕਤੀਆਂ ਦੇ ਘਰਾਂ ਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਪਿਛਲੇ ਅਪਰਾਧਿਕ ਰਿਕਾਰਡ ਦੀ ਤਸਦੀਕ ਲਈ ਪੀਏਆਈਐਸ ਐਪ ਅਤੇ ਸ਼ੱਕੀ ਵਾਹਨਾਂ ਦੀ ਮਾਲਕੀ ਤੇ ਹੋਰ ਵੇਰਵਿਆਂ ਦੀ ਜਾਂਚ ਲਈ ਵਾਹਨ ਐਪ ਦੀ ਵਰਤੋਂ ਕੀਤੀ ਗਈ। ਇਸਤੋਂ ਇਲਾਵਾ ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਸਖ਼ਤ ਚੈਕਿੰਗ ਕੀਤੀ ਗਈ। ਐਸਐਸਪੀ ਅਭਿਮੰਨਿਊ ਰਾਣਾ ਨੇ ਖੁਦ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਆਪਰੇਸ਼ਨ ਦਾ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ, ਪੇਸ਼ੇਵਰ ਢੰਗ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। -ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਮੁਹਿੰਮ ਦੌਰਾਨ ਵਾਰਡ ਨੰਬਰ 29, ਕੋਟਲੀ ਰੋਡ ਸਥਿਤ ਇੱਕ ਹੌਟਸਪੌਟ ਏਰੀਏ ਦੀ ਸਫ਼ਾਈ ਕਰਵਾ ਕੇ ਸਥਾਨਕ ਨੌਜਵਾਨਾਂ ਲਈ ਵਾਲੀਬਾਲ ਨੈੱਟ ਲਗਾਇਆ ਗਿਆ। ਇਸ ਮੌਕੇ ਪੁਲਿਸ ਮੁਲਾਜ਼ਮਾਂ ਅਤੇ ਇਲਾਕੇ ਦੇ ਨੌਜਵਾਨਾਂ ਨੇ ਇਕੱਠਿਆਂ ਵਾਲੀਬਾਲ ਖੇਡਿਆ। ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਰੀਰਕ ਗਤੀਵਿਧੀਆਂ ’ਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸਮਾਜ ’ਚ ਸਿਹਤਮੰਦ ਖੇਡ ਸੱਭਿਆਚਾਰ ਪ੍ਰਫੁੱਲਤ ਹੋ ਸਕੇ। ਇਸ ਵਿਸ਼ੇਸ਼ ਅਭਿਆਨ ਦੌਰਾਨ ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਗੁਰਿੰਦਰਜੀਤ ਸਿੰਘ ਐਸਪੀ (ਐਚ), ਮਹੇਸ਼ ਕੁਮਾਰ ਸੈਣੀ, ਐਸਪੀ (ਆਪਰੇਸ਼ਨ), ਬਚਨ ਸਿੰਘ, ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਡੀਐਸਪੀ ਮਲੋਟ, ਜਤਿੰਦਰ ਸਿੰਘ ਡੀਐਸਪੀ ਗਿੱਦੜਬਾਹਾ, ਹਰਬੰਸ ਸਿੰਘ ਡੀਐਸਪੀ ਲੰਬੀ ਅਤੇ ਜੋਰਾ ਸਿੰਘ, ਡੀਐਸਪੀ (ਐਚ) ਸਮੇਤ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਅਤੇ 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਸਪੱਸ਼ਟ ਕੀਤਾ ਕਿ ਆਧੁਨਿਕ ਤਕਨੀਕ ਰਾਹੀਂ ਸ਼ੱਕੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਹੈਲਪਲਾਈਨ ਨੰਬਰ 112 ਜਾਂ 80549-42100 ’ਤੇ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ੇਸ਼ ਸਰਚ ਅਭਿਆਨ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।