ਸਫ਼ਾਈ ਕਰਮਚਾਰੀਆਂ ਦੇ ਸਮਰਥਨ ’ਚ ਬੰਦ ਰਿਹਾ ਸ੍ਰੀ ਮੁਕਤਸਰ ਸਾਹਿਬ ਸਫ਼ਾਈ ਕਰਮਚਾਰੀਆਂ ਦੇ ਸਮਰਥਨ ’ਚ ਬੰਦ ਰਿਹਾ ਸ੍ਰੀ ਮੁਕਤਸਰ ਸਾਹਿਬ
Publish Date: Thu, 30 Jul 2026 04:58 PM (IST)
Updated Date: Thu, 30 Jul 2026 05:01 PM (IST)
- 9 ਤੋਂ 2 ਵਜੇ ਤੱਕ ਬਾਜ਼ਾਰਾਂ ’ਚ ਪਸਰਿਆ ਸੰਨਾਟਾ, ਵਪਾਰ ਮੰਡਲ ਨੇ ਦਿੱਤਾ ਖੁੱਲ੍ਹ ਕੇ ਸਾਥ - ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ ’ਤੇ ਖੁੱਲ੍ਹੀਆਂ ਦੁਕਾਨਾਂ ਕਰਵਾਈਆਂ ਬੰਦ - ਹਾਈਵੇ, ਹਸਪਤਾਲ ਤੇ ਦਵਾਈਆਂ ਦੀਆਂ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹੀਆਂ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਦੇਖਣ ਨੂੰ ਮਿਲਿਆ। ਸਫ਼ਾਈ ਕਰਮਚਾਰੀ ਯੂਨੀਅਨ ਦੇ ਸਮਰਥਨ ’ਚ ਮੁਕਤਸਰ ਵਪਾਰ ਮੰਡਲ ਵੱਲੋਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਹਿਰ ਦੇ ਬਾਜ਼ਾਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਬੰਦ ਦੌਰਾਨ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰਾਂ ’ਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਘੱਟ ਚਹਿਲ-ਪਹਿਲ ਦੇਖਣ ਨੂੰ ਮਿਲੀ। ਹਾਲਾਂਕਿ ਕੁਝ ਥਾਵਾਂ ’ਤੇ ਕੁਝ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਬੰਦ ਕਰਵਾ ਦਿੱਤਾ। ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਨੇ ਕਿਹਾ ਕਿ ਰਾਜ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਾ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਰਨਾਲਾ ਵਿਖੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜਿਸਦੀ ਯੂਨੀਅਨ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨਾਲ ਕੀਤੇ ਗਏ ਕਥਿਤ ਦੁਰਵਿਵਹਾਰ ਦੇ ਵਿਰੋਧ ’ਚ ਹੀ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਸ੍ਰੀ ਮੁਕਤਸਰ ਸਾਹਿਬ ’ਚ ਵਪਾਰ ਮੰਡਲ ਵੱਲੋਂ ਬੰਦ ਨੂੰ ਸਮਰਥਨ ਦੇਣਾ ਕਰਮਚਾਰੀਆਂ ਦੇ ਸੰਘਰਸ਼ ਪ੍ਰਤੀ ਇੱਕਜੁੱਟਤਾ ਦਾ ਸਬੂਤ ਹੈ। ਵਿਜੇ ਕੁਮਾਰ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਪਿਛਲੇ 23 ਦਿਨਾਂ ਤੋਂ ਹੜਤਾਲ ’ਤੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਸਫ਼ਾਈ ਕਰਮਚਾਰੀਆਂ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਧਰਨਾ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼ ਰੱਖਣ ਲਈ ਦਿਨ-ਰਾਤ ਕੰਮ ਕਰਦੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ’ਤੇ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਬੰਦ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਰਮਚਾਰੀਆਂ ਦੇ ਸੰਘਰਸ਼ ਨੂੰ ਸਮਝਣ। ਉਨ੍ਹਾਂ ਕਿਹਾ ਕਿ ਅੱਜ ਜੇਕਰ ਸਮਾਜ ਦੇ ਇੱਕ ਵਰਗ ਨਾਲ ਅਨਿਆਂ ਹੋ ਰਿਹਾ ਹੈ ਤਾਂ ਭਵਿੱਖ ’ਚ ਕਿਸੇ ਹੋਰ ਵਰਗ ਨੂੰ ਵੀ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ’ਚ ਬੰਦ ਨੂੰ ਵਪਾਰੀਆਂ ਦਾ ਵਿਆਪਕ ਸਮਰਥਨ ਮਿਲਿਆ ਹੈ। ਬਾਜ਼ਾਰ ਬੰਦ ਰੱਖਣ ਦਾ ਫੈਸਲਾ ਵਪਾਰੀਆਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਿਆ। ਸਫ਼ਾਈ ਕਰਮਚਾਰੀਆਂ ਨੇ ਇਸ ਸਹਿਯੋਗ ਲਈ ਵਪਾਰ ਮੰਡਲ ਅਤੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ। ਵਪਾਰ ਮੰਡਲ ਨੇ ਦਿੱਤਾ ਸਮਰਥਨ : ਮੁਕਤਸਰ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦਾ ਜ਼ਰੂਰੀ ਅਤੇ ਅਹਿਮ ਹਿੱਸਾ ਹਨ। ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਏ ਰੱਖਣ ’ਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਮਚਾਰੀ 23 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ, ਤਾਂ ਵਪਾਰ ਮੰਡਲ ਨੇ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ। ਇਸੇ ਤਹਿਤ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦੁਕਾਨਾਂ ਬੰਦ ਰੱਖੀਆਂ ਗਈਆਂ। ਇਹ ਬਾਜ਼ਾਰ ਤੇ ਅਦਾਰੇ ਰਹੇ ਬੰਦ : ਬੰਦ ਦੌਰਾਨ ਜ਼ਿਲ੍ਹੇ ਭਰ ’ਚ ਕਰਿਆਨਾ, ਕੱਪੜਾ, ਇਲੈਕਟ੍ਰਾਨਿਕ, ਜਵੈਲਰੀ, ਜੁੱਤੇ-ਚੱਪਲਾਂ ਦੀਆਂ ਦੁਕਾਨਾਂ, ਸ਼ੋਅਰੂਮ, ਨਿੱਜੀ ਦਫ਼ਤਰ, ਵਰਕਸ਼ਾਪਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਸਬਜ਼ੀ ਮੰਡੀ ਸਮੇਤ ਥੋਕ ਅਤੇ ਫੁਟਕਲ ਮੰਡੀਆਂ ’ਚ ਵੀ ਕਾਰੋਬਾਰ ਪ੍ਰਭਾਵਿਤ ਰਿਹਾ। ਰੇਹੜੀ-ਫੜ੍ਹੀ ਵਾਲਿਆਂ ਨੇ ਵੀ ਕੰਮ ਬੰਦ ਰੱਖਿਆ। ਇਸ ਨਾਲ ਬਾਜ਼ਾਰਾਂ ’ਚ ਦੁਪਹਿਰ ਤੱਕ ਸੰਨਾਟਾ ਛਾਇਆ ਰਿਹਾ। ਜ਼ਰੂਰੀ ਸੇਵਾਵਾਂ ’ਤੇ ਨਹੀਂ ਪਿਆ ਅਸਰ : ਪੰਜਾਬ ਬੰਦ ਦੇ ਬਾਵਜੂਦ ਜ਼ਰੂਰੀ ਸੇਵਾਵਾਂ ਨੂੰ ਇਸਤੋਂ ਬਾਹਰ ਰੱਖਿਆ ਗਿਆ। ਜ਼ਿਲ੍ਹੇ ’ਚ ਦਵਾਈਆਂ ਦੀਆਂ ਦੁਕਾਨਾਂ, ਕਲੀਨਿਕ ਅਤੇ ਹਸਪਤਾਲ ਆਮ ਵਾਂਗ ਖੁੱਲ੍ਹੇ ਰਹੇ। ਦੁੱਧ ਅਤੇ ਬ੍ਰੈੱਡ ਵਰਗੀਆਂ ਜ਼ਰੂਰੀ ਵਸਤੂਆਂ ਦੀ ਸਪਲਾਈ ਵੀ ਜਾਰੀ ਰਹੀ। ਪੈਟਰੋਲ ਪੰਪ ਅਤੇ ਐਂਬੂਲੈਂਸ ਸੇਵਾ ਵੀ ਪ੍ਰਭਾਵਿਤ ਨਹੀਂ ਹੋਈ। ਉੱਥੇ ਹੀ ਜ਼ਿਲ੍ਹੇ ਭਰ ’ਚ ਸੜਕਾਂ ’ਤੇ ਆਵਾਜਾਈ ਚੱਲਦੀ ਰਹੀ। ਸ੍ਰੀ ਮੁਕਤਸਰ ਸਾਹਿਬ ਤੋਂ ਲੰਘਣ ਵਾਲੇ ਹਾਈਵੇ ਅਤੇ ਸਟੇਟ ਹਾਈਵੇ ਪੂਰੀ ਤਰ੍ਹਾਂ ਖੁੱਲ੍ਹੇ ਰਹੇ, ਜਿਸ ਨਾਲ ਦੂਜੇ ਸ਼ਹਿਰਾਂ ਅਤੇ ਪਿੰਡਾਂ ਵੱਲ ਜਾਣ ਵਾਲੇ ਲੋਕਾਂ ਨੂੰ ਕਿਸੇ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।