ਝੋਨੇ ਦੀ ਖਰੀਦ ਦੌਰਾਨ ਬੇਨਿਯਮੀਆਂ ਪਾਏ ਜਾਣ ’ਤੇ ਹੋਵੇਗੀ ਸਖ਼ਤ ਕਾਰਵਾਈ ਝੋਨੇ ਦੀ ਖਰੀਦ ਦੌਰਾਨ ਬੇਨਿਯਮੀਆਂ ਪਾਏ ਜਾਣ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
Publish Date: Mon, 23 Nov 2026 04:46 PM (IST)
Updated Date: Tue, 24 Nov 2026 04:04 AM (IST)
-ਜ਼ਿਲ੍ਹੇ ਅੰਦਰ ਹੁਣ ਤੱਕ 13 ਆੜ੍ਹਤੀਆਂ ਦੇ ਲਾਇਸੰਸ ਕੀਤੇ ਜਾ ਚੁੱਕੇ ਹਨ ਰੱਦ , ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 9,51,222.9 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਹੋਈ ਆਮਦ ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਆੜ੍ਹਤੀ ਜਾਂ ਸਬੰਧਤ ਧਿਰ ਵੱਲੋਂ ਖਰੀਦ ਪ੍ਰਕਿਰਿਆ ’ਚ ਬੇਨਿਯਮੀਆਂ ਕੀਤੀਆਂ ਜਾਂਦੀਆਂ ਹਨ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਬੇਨਿਯਮੀਆਂ ਪਾਏ ਜਾਣ ’ਤੇ ਹੁਣ ਤੱਕ 13 ਆੜ੍ਹਤੀਆਂ ਦੇ ਲਾਇਸੰਸ ਰੱਦ ਕੀਤੇ ਜਾ ਚੁੱਕੇ ਹਨ। ਇਨ੍ਹਾਂ ’ਚ ਸ੍ਰੀ ਮੁਕਤਸਰ ਸਾਹਿਬ ਦੇ 2, ਮਲੋਟ ਦੇ 2, ਗਿੱਦੜਬਾਹਾ ਦੇ 1 ਅਤੇ ਕਿਲਿਆਂਵਾਲੀ ਦੇ 8 ਆੜ੍ਹਤੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ’ਚ ਖਰੀਦ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ’ਚ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 22 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 9,51,222.9 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 9,48,435.14 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 8,01,932.97 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।