15 ਅਗਸਤ ਦੇ ਮੱਦੇਨਜ਼ਰ ਮੁਕਤਸਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ 5 ਅਗਸਤ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ
Publish Date: Mon, 10 Aug 2026 06:22 PM (IST)
Updated Date: Mon, 10 Aug 2026 06:23 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਦਿਨ-ਰਾਤ ਲਗਾਤਾਰ ਗਸ਼ਤ, ਨਾਕਾਬੰਦੀ, ਸਰਚ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਿੱਥੇ ਪੁਲਿਸ ਵੱਲੋਂ ਪੀਸੀਆਰ ਮੋਟਰਸਾਈਕਲਾਂ ਅਤੇ ਹੋਰ ਗਸ਼ਤੀ ਵਾਹਨਾਂ ਰਾਹੀਂ ਸ਼ਹਿਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਵੱਖ-ਵੱਖ ਮਹੱਤਵਪੂਰਨ ਸਥਾਨਾਂ, ਮੁੱਖ ਰਸਤਿਆਂ ਅਤੇ ਆਉਣ-ਜਾਣ ਵਾਲੇ ਮਾਰਗਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਚਾਰੇ ਸਬ-ਡਵੀਜ਼ਨਾਂ ’ਚ ਕੀਤੀ ਜਾ ਰਹੀ ਵਾਹਨਾਂ ਦੀ ਤਲਾਸ਼ੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਨਾਕਿਆਂ ਦੌਰਾਨ ਸ਼ੱਕੀ ਵਾਹਨਾਂ, ਸ਼ੱਕੀ ਪੁਰਸ਼ਾਂ ਅਤੇ ਹੋਰ ਸ਼ੱਕੀ ਵਿਅਕਤੀਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਦੇ ਨਾਲ-ਨਾਲ ਵਾਹਨ ਚਾਲਕਾਂ ਅਤੇ ਸਵਾਰ ਵਿਅਕਤੀਆਂ ਦੀ ਪਛਾਣ ਵੀ ਯਕੀਨੀ ਬਣਾਈ ਜਾ ਰਹੀ ਹੈ। ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਗੈਰ-ਕਾਨੂੰਨੀ ਸਮਾਨ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪੀਸੀਆਰ ਟੀਮਾਂ ਵੱਲੋਂ ਮੋਟਰਸਾਈਕਲਾਂ ਰਾਹੀਂ ਕੀਤੀ ਜਾ ਰਹੀ ਗਸ਼ਤ ਆਜ਼ਾਦੀ ਦਿਹਾੜੇ ਨੂੰ ਸੁਰੱਖਿਅਤ ਮਾਹੌਲ ਵਿੱਚ ਮਨਾਉਣ ਲਈ ਪੀ.ਸੀ.ਆਰ. ਟੀਮਾਂ ਵੱਲੋਂ ਸ਼ਹਿਰ ਅਤੇ ਹੋਰ ਮਹੱਤਵਪੂਰਨ ਇਲਾਕਿਆਂ ਵਿੱਚ ਮੋਟਰਸਾਈਕਲਾਂ ਰਾਹੀਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਸੰਵੇਦਨਸ਼ੀਲ ਅਤੇ ਭੀੜ ਵਾਲੇ ਸਥਾਨਾਂ ’ਤੇ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਪਰਾਧਕ ਜਾਂ ਸ਼ਰਾਰਤੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਲਗਭਗ 200 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੱਖ-ਵੱਖ ਡਿਊਟੀਆਂ ’ਤੇ ਤਾਇਨਾਤ ਰਹੇ। ਪੁਲਿਸ ਟੀਮਾਂ ਵੱਲੋਂ ਨਾਕਾਬੰਦੀ, ਗਸ਼ਤ, ਸਰਚ ਅਤੇ ਚੈਕਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦਿੱਤਾ ਜਾ ਰਿਹਾ ਹੈ। ਚੈਕਿੰਗ ਦੌਰਾਨ ਪੁਲਿਸ ਵੱਲੋਂ ਆਧੁਨਿਕ ਤਕਨੀਕ ਅਤੇ ਪੀਏਆਈਐਸ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਵੇਰੀਫਿਕੇਸ਼ਨ ਕੀਤੀ ਜਾ ਰਹੀ ਹੈ, ਜਦਕਿ ਵਾਹਨ ਐਪ ਰਾਹੀਂ ਵਾਹਨਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਚੈਕ ਕੀਤੇ ਜਾ ਰਹੇ ਵਾਹਨ ਚੋਰੀਸ਼ੁਦਾ ਨਾ ਹੋਣ ਅਤੇ ਕਿਸੇ ਅਪਰਾਧਕ ਗਤੀਵਿਧੀ ਵਿੱਚ ਵਰਤੇ ਨਾ ਗਏ ਹੋਣ। ਪੁਲਿਸ ਟੀਮਾਂ ਵੱਲੋਂ ਸ਼ੱਕੀ ਸਮਾਨ ਅਤੇ ਵਾਹਨਾਂ ਦੀ ਲੋੜ ਅਨੁਸਾਰ ਤਲਾਸ਼ੀ ਵੀ ਲਈ ਜਾ ਰਹੀ ਹੈ। ਇਸ ਸਮੁੱਚੀ ਮੁਹਿੰਮ ਦੀ ਨਿਗਰਾਨੀ ਐਸਪੀ (ਡੀ.) ਮਨਮੀਤ ਸਿੰਘ ਢਿੱਲੋਂ ਅਤੇ ਸਬੰਧਤ ਸਬ-ਡਿਵੀਜ਼ਨਾਂ ਦੇ ਡੀਐਸਪੀਜ਼ ਵੱਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਜਤਿੰਦਰ ਸਿੰਘ ਡੀਐਸਪੀ ਗਿੱਦੜਬਾਹਾ, ਜਸਪਾਲ ਡੀਐਸਪੀ ਮਲੋਟ ਅਤੇ ਹਰਬੰਸ ਸਿੰਘ, ਡੀਐਸਪੀ ਲੰਬੀ ਵੱਲੋਂ ਆਪਣੇ-ਆਪਣੇ ਸਬ-ਡਿਵੀਜ਼ਨਾਂ ’ਚ ਸੁਰੱਖਿਆ ਪ੍ਰਬੰਧਾਂ ਅਤੇ ਨਾਕਾਬੰਦੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਹੋਰ ਅਪਰਾਧਕ ਤੱਤਾਂ ਦੀਆਂ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਵੇਰੀਫਿਕੇਸ਼ਨ ਕਰਨ ਦੇ ਨਾਲ-ਨਾਲ ਪੁਰਾਣੇ ਅਪਰਾਧੀਆਂ ਅਤੇ ਪੁਲਿਸ ਰਿਕਾਰਡ ਵਿੱਚ ਦਰਜ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਪੁਲਿਸ ਟੀਮਾਂ ਵੱਲੋਂ ਦਿਨ-ਰਾਤ ਗਸ਼ਤ, ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀਸੀਆਰ ਟੀਮਾਂ ਵੱਲੋਂ ਲਗਾਤਾਰ ਗਸ਼ਤ ਕਰਨ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਰ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਹੋਰ ਅਪਰਾਧਕ ਤੱਤਾਂ ਲਈ ਕੋਈ ਥਾਂ ਨਹੀਂ ਹੈ। ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼ ਨਾਲ ਰੱਖੇ ਜਾਣ। ਲੋਕ ਆਪਣੇ ਇਲਾਕੇ ’ਚ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਨਸ਼ਾ ਤਸਕਰੀ ਜਾਂ ਕਿਸੇ ਹੋਰ ਅਪਰਾਧਕ ਗਤੀਵਿਧੀ ਸਬੰਧੀ ਜਾਣਕਾਰੀ 80549-42100 ’ਤੇ ਫੋਨ ਜਾਂ ਵਟਸਐਪ ਰਾਹੀਂ ਦਿੱਤੀ ਜਾ ਸਕਦੀ ਹੈ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।