ਪੁਲਿਸ ਨੇ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਵਿੱਢੀ ਤਲਾਸ਼ੀ ਮੁਹਿੰਮ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ
Publish Date: Sat, 07 Nov 2026 05:08 PM (IST)
Updated Date: Sat, 07 Nov 2026 05:11 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘‘ਗੈਂਗਸਟਰਾਂ ’ਤੇ ਵਾਰ’’ ਅਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ’ਚ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇੱਕ ਵਿਸ਼ੇਸ਼, ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ, ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਕਿਸੇ ਵੀ ਅਪਰਾਧਿਕ ਨੈੱਟਵਰਕ ਨੂੰ ਨਾਕਾਮ ਕਰਨਾ ਸੀ। ਇਹ ਸਰਚ ਅਭਿਆਨ ਜੇਲ੍ਹ ਸੁਪਰਡੈਂਟ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀਐਸਪੀ ਬਚਨ ਸਿੰਘ ਦੀ ਅਗਵਾਈ ਹੇਠ ਚਲਾਇਆ ਗਿਆ। ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਇੰਸੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਸ ਕਾਰਵਾਈ ’ਚ ਹਿੱਸਾ ਲਿਆ। ਸਰਚ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਹਰ ਗਤੀਵਿਧੀ ’ਤੇ ਕੜੀ ਨਿਗਰਾਨੀ ਰੱਖੀ ਗਈ। ਸਰਚ ਦੌਰਾਨ ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ। ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਇਸਤੋਂ ਇਲਾਵਾ ਬਾਥਰੂਮਾਂ, ਸਟੋਰ ਰੂਮਾਂ, ਕੰਧਾਂ ਦੇ ਕੋਨਿਆਂ, ਛੱਤਾਂ ਅਤੇ ਹੋਰ ਸੰਭਾਵਿਤ ਓਹਲੇ ਸਥਾਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ। ਜੇਲ੍ਹ ਦੇ ਅੰਦਰੂਨੀ ਅਤੇ ਬਾਹਰੀ ਆਵਾਜਾਈ ਮਾਰਗਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਦਿਆਂ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਇਸ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵਿਤ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਲੋੜੀਂਦੀ ਜਾਣਕਾਰੀ ਵੀ ਇਕੱਤਰ ਕੀਤੀ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਵੱਲੋਂ ਬਾਹਰੀ ਸੰਪਰਕ ਬਣਾਉਣ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਚਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹਾਂ ਅੰਦਰ ਮੋਬਾਈਲ ਫੋਨ, ਸਿਮ ਕਾਰਡ, ਨਸ਼ੀਲੇ ਪਦਾਰਥਾਂ ਜਾਂ ਹੋਰ ਗੈਰ-ਕਾਨੂੰਨੀ ਸਮੱਗਰੀ ਦੀ ਤਸਕਰੀ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਹਰ ਸਰਚ ਤੋਂ ਬਾਅਦ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਂਦੀ ਹੈ। ਐਸਐਸਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।