ਅਧਿਆਪਕ ਜੱਥੇਬੰਦੀਆਂ ਵੱਲੋਂ ਇਨਸਾਫ਼ ਲਈ ਕੈਂਡਲ ਮਾਰਚ ਭਲ਼ਕੇ
ਅਧਿਆਪਕ ਜੱਥੇਬੰਦੀਆਂ ਵੱਲੋਂ ਇਨਸਾਫ਼ ਲਈ ਅੱਠ ਜਨਵਰੀ ਨੂੰ ਕੈਂਡਲ ਮਾਰਚ
Publish Date: Tue, 06 Jan 2026 04:11 PM (IST)
Updated Date: Tue, 06 Jan 2026 04:14 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਭੇਟ ਚੜ੍ਹੇ ਮੋਗਾ ਜ਼ਿਲ੍ਹੇ ਦੇ ਅਧਿਆਪਕ ਜੋੜੇ ਦੀ ਦੁਰਘਟਨਾਂ ਦੌਰਾਨ ਹੋਈ ਮੌਤ ਖ਼ਿਲਾਫ਼ ਅਧਿਆਪਕ ਵਰਗ ’ਚ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਵੱਖ ਵੱਖ ਜਥੇਬੰਦੀਆਂ ਅਧਾਰਿਤ ਗਠਿਤ ਕੀਤੀ ਗਈ ਅਧਿਆਪਕ ਇਨਸਾਫ ਕਮੇਟੀ ਪੰਜਾਬ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ ਮੁਕਤਸਰ ਜ਼ਿਲ੍ਹੇ ਦੀਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ ਜਿਸ ਵਿਚ ਡੈਮੋਕ੍ਰੈਟਿਕ ਟੀਚਰਜ਼ ਫਰੰਟ, ਗੌਰਮਿੰਟ ਟੀਚਰਜ਼ ਯੂਨੀਅਨ, ਡੀਟੀਐੱਫ (ਸੰਬੰਧਿਤ ਡੀਐਮਐੱਫ) ਗੌਰਮਿੰਟ ਸਕੂਲ ਟੀਚਰ ਯੂਨੀਅਨ, ਅਧਿਆਪਕ ਦਲ, ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਦੇ ਜ਼ਿਲ੍ਹਾ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂਆਂ ਪਰਮਜੀਤ ਸਿੰਘ, ਲਖਵੀਰ ਸਿੰਘ ਹਰੀਕੇ, ਪਵਨ ਕੁਮਾਰ ਪਰਗਟ ਸਿੰਘ ਜੰਬਰ, ਮੇਘ ਇੰਦਰ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਠ ਜਨਵਰੀ ਨੂੰ ਠੀਕ 4 ਵਜੇ ਸ਼ਾਮ ਇਨਸਾਫ ਪਸੰਦ ਜਮਹੂਰੀ ਜਥੇਬੰਦੀਆਂ ਵੱਲੋਂ ਕੈਂਡਲ ਮਾਰਚ ਗੁਰੂ ਗੋਬਿੰਦ ਸਿੰਘ ਪਾਰਕ ਤੋਂ ਸ਼ੁਰੂ ਕੀਤਾ ਜਾਵੇਗਾ। 18 ਜਨਵਰੀ ਦੇ ਮੋਗਾ ਵਿਖੇ ਸੂਬਾ ਪੱਧਰੀ ਪ੍ਰੋਗਰਾਮ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਭਰ ਦੀਆਂ ਬਾਕੀ ਜੱਥੇਬੰਦੀਆਂ ਨੂੰ ਵੀ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਨੀਰਜ਼ ਬਜਾਜ, ਸੁਰਿੰਦਰ ਖੰਨਾ, ਹਰਜੀਤ ਸਿੰਘ,ਰਵੀ ਕੁਮਾਰ, ਕੰਵਲਜੀਤ ਪਾਲ, ਰਾਕੇਸ਼ ਚਲਾਨਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।