ਨਿਰੋਲ ਸੇਵਾ ਸੰਸਥਾ ਦਾ 16ਵਾਂ ਨਗਰ ਕੀਰਤਨ ਅੱਜ ਤੋਂ
ਨਿਰੋਲ ਸੇਵਾ ਸੰਸਥਾ ਵੱਲੋਂ 16ਵਾਂ ਮਹਾਨ ਨਗਰ ਕੀਰਤਨ ਅੱਜ ਤੋਂ ਸ਼ੁਰੂ
Publish Date: Fri, 27 Feb 2026 03:37 PM (IST)
Updated Date: Fri, 27 Feb 2026 03:40 PM (IST)

ਸੁਖਦੀਪ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 16ਵਾਂ ਮਹਾਨ ਨਗਰ ਕੀਰਤਨ 28 ਫਰਵਰੀ ਨੂੰ ਸਵੇਰੇ 8 ਵਜੇ ਅਰਦਾਸ ਉਪਰੰਤ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤਿਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਡਾ: ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਵੱਡੀ ਬੱਸ ਵਾਲੀ ਪਾਲਕੀ ਵਿੱਚ ਸੁਸ਼ੋਭਿਤ ਹੋਣਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢੇ ਜਾ ਰਹੇ ਇਸ ਨਗਰ ਕੀਰਤਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਪੰਜਾ ਸਾਹਿਬ ਦੇ ਦੁਨੀਆਂ ਦੇ ਸਭ ਤੋਂ ਵੱਡੇ ਮਾਡਲ ਬਣਾ ਕੇ ਵੱਡੇ ਵੱਡੇ ਟਰੱਕ ਟਰਾਲਿਆਂ ਤੇ ਸਜਾ ਕੇ ਨਗਰ ਕੀਰਤਨ ਵਿੱਚ ਸ਼ਾਮਿਲ ਕੀਤੇ ਜਾਣਗੇ। ਸਿੱਖ ਇਤਿਹਾਸ ਨਾਲ ਸਬੰਧਿਤ ਇੱਕ ਵੱਡੀ ਪ੍ਰਦਰਸ਼ਨੀ ਨਗਰ ਕੀਰਤਨ ਵਿੱਚ ਸ਼ਾਮਿਲ ਹੋਵੇਗੀ। ਘੋੜਿਆਂ ਉੱਪਰ ਸਵਾਰ ਸਿੰਘ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਉਣਗੇ। ਗਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨਗਰ ਕੀਰਤਨ ਦੀ ਰੌਣਕ ਵਿੱਚ ਵਾਧਾ ਕਰਨਗੀਆਂ। ਵੱਡੀ ਗਿਣਤੀ ਵਿੱਚ ਸੰਗਤ ਨਗਰ ਕੀਰਤਨ ਵਿੱਚ ਸ਼ਾਮਿਲ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ ਅਤੇ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਮੁਕਤਸਰ ਸਾਹਿਬ ਦੇ 64 ਪਿੰਡਾਂ ਦੇ ਸਾਰੇ ਸਕੂਲਾਂ ਵਿੱਚ 13000 ਬੱਚਿਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲਿਆਂ ਦੀ ਅਰਦਾਸ ਦੇ ਸੰਬੰਧ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅਖੀਰਲੇ ਦਿਨ ਛੇ ਮਾਰਚ ਨੂੰ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਵੇਰੇ 8:30 ਵਜੇ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਪਾਕਿਸਤਾਨ (ਬਾਰਡਰ) ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਸਮੂਹ ਸੰਗਤ ਇਸ ਮਹਾਨ ਨਗਰ ਕੀਰਤਨ ਵਿੱਚ ਰੂਟ ਮੁਤਾਬਿਕ ਸ਼ਾਮਿਲ ਹੋਣ ਦੀ ਬੇਨਤੀ ਕੀਤੀ।