ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Tue, 24 Nov 2026 04:45 PM (IST)
Updated Date: Wed, 25 Nov 2026 04:02 AM (IST)
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਭਾਜਪਾ ਦੇ ਸੰਭਾਵੀ ਉਮੀਦਵਾਰ ਸੌਢੀ ਵੱਲੋ ਸੰਪਰਕ ਮੁਹਿੰਮ ਦਾ ਆਗਾਜ਼ ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਪਿੰਡ ਮੱਲਣ ਵਿਖੇ ਸਥਿਤ ਗੁਰਦੁਆਰਾ ਦਮਦਮੀ ਟਕਸਾਲ, ਜਿਸਨੂੰ ਗੁਰਦੁਆਰਾ ਸੋਢੀਆਂ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖੀ ਬਾਬਾ ਬਚਨ ਸਿੰਘ, ਵਿਦਿਆਰਥੀ ਦਮਦਮੀ ਟਕਸਾਲ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਨੂੰ ਆਪਣੇ ਜੀਵਨ ’ਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗਿੱਦੜਬਾਹਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਅਰੁਣਜੋਤ ਸਿੰਘ ਸੋਢੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਆਪਣੀ ਲੋਕ ਸੰਪਰਕ ਮੁਹਿੰਮ ਦੀ ਸ਼ੁਰੂਆਤ ਆਪਣੇ ਜੱਦੀ ਅਤੇ ਇਤਿਹਾਸਕ ਪਿੰਡ ਮੱਲਣ ਤੋਂ ਕਰਨ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਉਨ੍ਹਾਂ ਦੇ ਪੁਰਖਿਆਂ ਦੀਆਂ ਸਦੀਆਂ ਪੁਰਾਣੀਆਂ ਸਮਾਧਾਂ ਸਥਿਤ ਹਨ ਅਤੇ ਇਸ ਪਿੰਡ ਨਾਲ ਉਨ੍ਹਾਂ ਦਾ ਡੂੰਘਾ ਪਰਿਵਾਰਕ ਤੇ ਇਤਿਹਾਸਕ ਸਬੰਧ ਹੈ। ਉਨ੍ਹਾਂ ਕਿਹਾ ਕਿ ਆਪਣੇ ਪੁਰਖਿਆਂ ਦੀ ਧਰਤੀ ਤੋਂ ਲੋਕ ਸੇਵਾ ਦੇ ਸਫ਼ਰ ਦੀ ਸ਼ੁਰੂਆਤ ਕਰਨਾ ਉਨ੍ਹਾਂ ਲਈ ਮਾਣ ਅਤੇ ਮਾਣਮੱਤਾ ਪਲ ਹੈ। ਇਸ ਮੌਕੇ ਵੱਖ-ਵੱਖ ਜਮਾਤਾਂ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਿਰੋਪਾਓ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਤਸਵੀਰ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਚਿਤਰ ਤਰੁੰਨੁਮ ਕੌਰ ਸੌਢੀ ਵੱਲੋਂ ਤਿਆਰ ਕੀਤਾ ਗਿਆ ਸੀ। ਇਸ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਸਿੱਖਿਆ ਦੇ ਖੇਤਰ ’ਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨਾ ਸੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਤੋ ਜਾਣੂ ਕਰਵਾਉਣਾ ਸੀ। ਇਸ ਦੌਰਾਨ ਪਜੰਵੀ ਕਲਾਸ ਦੇ ਸੁਖਮਨ ਸਿੰਘ, ਨਿਰਭੈ ਸਿਘ, ਹੁਸਨਪ੍ਰੀਤ ਕੌਰ, ਅੱਠਵੀ ਕਲਾਸ ਦੇ ਗੁਰਨੂਰ ਸਿੰਘ, ਸਿਮਰਨਜੀਤ ਕੌਰ, ਸਿਮਰਨਦੀਪ ਕੌਰ, ਦਸਵੀਂ ਕਲਾਸ ਦੇ ਜਸ਼ਨਪ੍ਵੀਤ ਕੌਰ, ਨਵਦੀਪ ਕੌਰ , ਸੁਖਮਨ ਸਿੰਘ, ਬਾਰਵੀਂ ਕਲਾਸ ਖੁਸ਼ਦੀਪ ਕੌਰ ਖੁਸ਼ੀ, ਹਰਪ੍ਰੀਤ, ਖੁਸ਼ਪ੍ਰੀਤ ਕੌਰ ਅਤੇ ਮੁਖ ਅਧਿਆਪਕ ਜਗਦੀਪ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮੁੱਚਾ ਸਮਾਗਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਧਾਰਮਿਕ ਸ਼ਰਧਾ, ਸਮਾਜਿਕ ਸਾਂਝ ਅਤੇ ਨਵੀਂ ਪੀੜ੍ਹੀ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦਾ ਸੁਨੇਹਾ ਦੇ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਸੋਢੀ, ਅਜੀਤ ਸਿੰਘ ਸੋਢੀ , ਪਿੰਡ ਦੀਆਂ ਸੰਗਤਾਂ ਅਤੇ ਗਿੱਦੜਬਾਹਾ ਹਲਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।