ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ ਦੀ ਸ਼ੁਰੂਆਤ
Publish Date: Sat, 02 May 2026 05:08 PM (IST)
Updated Date: Sat, 02 May 2026 05:11 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ’ਚ ਅਹਿਮ ਸਥਾਨ ਰੱਖਦੇ ਮਹਾਨ ਸ਼ਹੀਦਾਂ, ਚਾਲੀ ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਨੀਵਾਰ ਤੋਂ ਤਿੰਨ ਰੋਜ਼ਾ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਹੋ ਗਈ ਹੈ। ਇਹ ਸਮਾਗਮ 4 ਮਈ 2026 ਤੱਕ ਚੱਲਣਗੇ। ਸਮਾਗਮ ਦੀ ਸ਼ੁਰੂਆਤ ਅੱਜ ਸਵੇਰੇ ਗੁਰਦੁਆਰਾ ਟਿੱਬੀ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਹੋਈ, ਜੋ ਸ਼ਹੀਦ ਗੰਜ ਸਾਹਿਬ ਵਿਖੇ ਸਮਾਪਤ ਹੋਇਆ। ਇਸਦੇ ਨਾਲ ਹੀ ਅੱਜ ਸਵੇਰੇ 10:00 ਵਜੇ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ। 3 ਮਈ (ਐਤਵਾਰ): ਰਾਤ ਨੂੰ 8:00 ਵਜੇ ਤੋਂ 10:00 ਵਜੇ ਤੱਕ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਭਾਈ ਬਹੁਲਵਲੀਨ ਸਿੰਘ ਅਤੇ ਭਾਈ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 4 ਮਈ (ਸੋਮਵਾਰ) ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ 9:15 ਤੋਂ 10 ਵਜੇ ਤੱਕ ਭਾਈ ਗੁਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਭਾਈ ਦਿਲਬਾਗ ਸਿੰਘ ਬਲੇਰ 7 ਤੋਂ 8 ਵਜੇ ਤੱਕ ਕਥਾ ਵਿਚਾਰ ਉਪਰੰਤ ਸਾਰਾ ਦਿਨ ਦੀਵਾਨ ਸਜਣਗੇ। ਦੁਪਹਿਰ 12:00 ਵਜੇ ਅੰਮ੍ਰਿਤ ਸੰਚਾਰ ਦੀ ਰਸਮ ਹੋਵੇਗੀ। ਗੁਰੂ ਕੇ ਲੰਗਰ ਅਤੁੱਟ ਵਰਤਨਗੇ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਇਨ੍ਹਾਂ ਪਵਿੱਤਰ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਕਿਹਾ ਕਿ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।