ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਧਰਨਾ 5ਵੇ ਦਿਨ ਵੀ ਰਿਹਾ ਜਾਰੀ
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਪੰਜਵੇ ਦਿਨ ਵੀ ਲਗਾਤਾਰ ਜਾਰੀ
Publish Date: Sat, 13 Jun 2026 03:54 PM (IST)
Updated Date: Sat, 13 Jun 2026 03:57 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ’ਚ ਮਰਜ਼ ਕਰਨ ਦੇ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਲਗਾਤਾਰ ਪੰਜਵੇ ਦਿਨ ਵੀ ਜਾਰੀ ਰੱਖਿਆ। ਇਸ ਮੌਕੇ ਹਾਜ਼ਿਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਸਰਕਲ ਪ੍ਰਧਾਨ ਵਰਿੰਦਰਪਾਲ ਸਿੰਘ, ਨਿਸ਼ੀ ਰਾਣੀ, ਗੁਰਸ਼ੇਰ ਸਿੰਘ ਅਤੇ ਅਮਰ ਸਿੰਘ ਮੀਤ ਪ੍ਰਧਾਨ ਸਟੋਰ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ’ਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ’ਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ’ਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ’ਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਵਿਭਾਗ ’ਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ’ਚ ਕੀਤੇ ਲਿਖ਼ਤੀ ਫੈਸਲੇ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਸ੍ਰੀ ਮੁਕਤਸਰ ਸਾਹਿਬ ਵਿਖ਼ੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਲਗਾਤਾਰ ਪੰਜਵੇ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ 14 ਜੂਨ ਤੱਕ ਮੈਨੇਜ਼ਮੈਂਟ ਵੱਲੋਂ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਫੈਸਲਾ ਨਾ ਕੀਤਾ ਤਾਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ।