ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ :

ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਅਤੇ ਫੈਮਲੀ ਪੈਨਸ਼ਨਰਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਨੇ ਕੀਤੀ। ਮੀਟਿੰਗ ਵਿਚ ਐਸੋਸੀਏਸ਼ਨ ਦੇ ਜਿਲਾ ਵਾਈਸ ਚੇਅਰਮੈਨ ਬਸੰਤ ਸਿੰਘ ਰਾਜੂ, ਪੰਜਾਬ ਰੋਡਵੇਜ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ, ਜਨਰਲ ਸਕੱਤਰ ਓਮ ਪ੍ਰਕਾਸ਼ ਸ਼ਰਮਾ, ਭੰਵਰ ਲਾਲ ਸ਼ਰਮਾ, ਐਕਸਾਈਜ ਐਂਡ ਟੈਕਸਟੇਸ਼ਨ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੁਰਿੰਦਰਜੀਤ ਆਦਿ ਉਚੇਚੇ ਤੌਰ 'ਤੇ ਮੌਜੂਦ ਸਨ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਕੁਲਦੀਪ ਸਿੰਘ ਬਰਾੜ, ਇਕਬਾਲ ਸਿੰਘ ਅਤੇ ਬਰਨੇਕ ਸਿੰਘ ਬੱਲਮਗੜ੍ਹ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਹਾਰ ਪਾ ਕੇ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਸਭਨਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ। ਮੀਟਿੰਗ ਦੌਰਾਨ ਜਸਵੰਤ ਸਿੰਘ ਬਰਾੜ ਭਾਗਸਰ ਚੌ. ਬਲਬੀਰ ਸਿੰਘ, ਸਾਬਕਾ ਡੀਟੀਓ ਗੁਰਚਰਨ ਸਿੰਘ ਸੰਧੂ, ਪਿੰ੍. ਕਰਤਾਰ ਸਿੰਘ ਬੇਰੀ ਆਦਿ ਸਮੇਤ ਸਮੂਹ ਬੁਲਾਰਿਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਾ ਦੇਣ ਦੀ ਆਲੋਚਨਾ ਕਰਦੇ ਹੋਏ ਇਨ੍ਹਾਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਮੁੱਖ ਰੂਪ ਵਿਚ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪ੍ਰਧਾਨ ਹਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਨਹੀਂ ਕਰਨਾ ਚਾਹੁੰਦੀ। ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਪਾਈਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਇਸ ਵਰਗ ਵਿਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕਾਈ ਅਨੁਸਾਰ ਆਉਂਦੀ 26 ਅਗਸਤ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵਿਰੁੱਧ ਸੰਗਰੂਰ ਵਿਖੇ ਲਾਮਿਸਾਲ ਰੋਸ ਰੈਲੀ ਕੀਤੀ ਜਾਵੇਗੀ। ਰੈਲੀ ਵਿਚ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰ ਵੱਡੀ ਗਿਣਤੀ ਵਿਚ ਭਾਗ ਲੈਣਗੇ ਅਤੇ ਇਸ ਮੰਤਵ ਲਈ ਸਾਰਿਆਂ ਦੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਪ੍ਰਧਾਨ ਨੇ ਅੱਗੇ ਕਿਹਾ ਕਿ ਸੰਗਰੂਰ ਦੀ ਰੈਲੀ ਪੰਜਾਬ ਦੀ ਮਾਨ ਸਰਕਾਰ ਦਾ ਅਭਿਮਾਨ ਤੋੜ ਕੇ ਰੱਖ ਦੇਵੇਗੀ ਅਤੇ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਵੇਗਾ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਸ਼ਰਮਾ ਨੇ ਦੱਸਿਆ ਹੈ ਕਿ ਉਕਤ ਰੈਲੀ ਵਿਚ ਭਾਗ ਲੈਣ ਲਈ ਜ਼ਿਲ੍ਹੇ ਦੇ ਪੈਨਸ਼ਨਰਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਦੀ ਮੀਟਿੰਗ ਦੌਰਾਨ ਪਿੰ੍. ਇਕਬਾਲ ਸਿੰਘ, ਹਰਬੰਸ ਸਿੰਘ ਸਿੱਧੂ, ਸੁਖਬੰਸ ਸਿੰਘ ਚਾਹਲ ਅਤੇ ਨਿਰਮਲ ਸਿੰਘ ਬੇਦੀ ਆਦਿ ਸਮੇਤ ਵੱਡੀ ਗਿਣਤੀ ਵਿਚ ਹੋਰ ਸੇਵਾ ਮੁਕਤ ਕਰਮਚਾਰੀ ਹਾਜ਼ਰ ਸਨ।