- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਮਸ਼ਾਲ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸਵਾਗਤ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮਸ਼ਾਲ ਮਾਰਚ ਅੱਜ ਜ਼ਿਲ੍ਹਾ ਫਾਜਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ ਪਹੁੰਚਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਮਸ਼ਾਲ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਇਸਤੋਂ ਬਾਅਦ ਰੇਲਵੇ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਤੋਂ ਰੈੱਡਕਰਾਸ ਭਵਨ, ਸ੍ਰੀ ਮੁਕਤਸਰ ਸਹਿਬ ਤੱਕ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਐਸਡੀਐਮ ਗੁਰਕਿਰਨਦੀਪ ਸਿੰਘ ਸਿੱਧੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡ ਖੇਤਰ ’ਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਅਤੇ ਐਨੇ ਵੱਡੇ ਪੱਧਰ ’ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈਕੇ ਜਾਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ’ਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਮੁੰਡੇ ਕੁੜੀਆਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਖੇਡਾਂ ’ਚ ਵੱਧ ਚੜ੍ਹ ਕੇ ਭਾਗ ਲੈਣ। ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਖੇਡ ਮੁਕਾਬਲੇ ਮਿਤੀ 07 ਸਤੰਬਰ ਤੋਂ 16 ਸਤੰਬਰ 2026 ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਮਿਤੀ 21 ਸਤੰਬਰ ਤੋਂ 27 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ https://sports.punjab.gov.in/login ਪੋਰਟਲ ’ਤੇ ਕੀਤੀ ਜਾ ਸਕਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਖਿਡਾਰੀ, ਸਕੂਲਾਂ ਦੇ ਬੱਚੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।