ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ 'ਚ ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਗਣਤੰਤਰ ਦਿਵਸ 'ਤੇ ਮੰਗਲਵਾਰ ਨੂੰ ਟਰੈਕਟਰ ਮਾਰਚ ਕੱਢ ਕੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਹੋਇਆ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਟਰੈਕਟਰ ਮਾਰਚ ਕੱਢਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਸਭ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਖੇ ਇਕੱਤਰ ਹੋਏ, ਜਿੱਥੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੋਹਰਾਈ ਗਈ। ਉਸ ਮਗਰੋਂ ਵੱਖੋ ਵੱਖਰੇ ਬਜ਼ਾਰਾਂ ਵਿੱਚੋਂ ਹੁੰਦਿਆਂ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਿਢਆ ਗਿਆ ਤੇ ਕੇਂਦਰ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਗਿਆ। ਟਰੈਕਟਰ ਮਾਰਚ ਦੌਰਾਨ ਜਿੱਥੇ ਕਿਸਾਨ ਵੱਡੀ ਗਿਣਤੀ 'ਚ ਟਰੈਕਟਰਾਂ ਤੇ ਕਿਸਾਨੀ ਝੰਡੇ ਲਗਾ ਕੇ ਮਾਰਚ ਕੱਢਦੇ ਨਜਰ ਆ ਰਹੇ ਸਨ ਉੱਥੇ ਹੀ ਮੋਟਰਸਾਇਕਲਾਂ ਤੇ ਵੀ ਨੌਜਵਾਨ ਕਿਸਾਨ ਮਾਰਚ ਵਿੱਚ ਸ਼ਾਮਿਲ ਹੋਏ। ਸ਼ਹਿਰ ਦੇ ਬਜ਼ਾਰਾਂ ਵਿੱਚੋਂ ਟਰੈਕਟਰ ਮਾਰਚ ਦੇ ਚਲਦਿਆਂ ਕਈ ਥਾਵਾਂ 'ਤੇ ਕਿਸਾਨਾਂ ਦੇ ਮਾਰਚ ਆਮਣੇ-ਸਾਹਮਣਿਓਂ ਲੰਘਦੇ ਦਿਖਾਈ ਦਿੱਤੇ ਜਿੱਥੇ ਕਿਸਾਨਾਂ 'ਚ ਭਾਰੀ ਜੋਸ਼ ਨਜਰ ਆ ਰਿਹਾ ਸੀ। ਓਧਰ ਦੂਜੇ ਪਾਸੇ ਕਿਸਾਨਾਂ ਦੇ ਟਰੈਕਟਰ ਮਾਰਚ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।