ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਂਟ ਕਰਨ ਲਈ ਇਕ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਐੱਮਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਰਾਜ ਬੱਚਨ ਸਿੰਘ ਸੰਧੂ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵੀ ਗੁਲਾਟੀ ਸਿਵਲ ਜੱਜ ਸੀਨੀਅਰ ਡਵੀਜ਼ਨ, ਅਤੁਲ ਕੰਬੋਜ ਸੀਜੇਐੱਮ, ਪਿ੍ਰਤਪਾਲ ਸਿੰਘ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ ਸੀਜੇਐੱਮ, ਨਵਦੀਪ ਸਿੰਘ ਸਿਵਲ ਸਰਜਨ, ਡਾ. ਸਤੀਸ਼ ਗੋਇਲ ਡਿਪਟੀ ਮੈਡੀਕਲ ਅਫਸਰ, ਗੁਰਮੇਲ ਸਿੰਘ ਐਸਪੀ, ਪ੍ਰਰੀਤਮ ਸਿੰਘ ਡੋਡ ਡੀਐੱਸਪੀ, ਡੀਐੱਸਪੀ ਗੁਰਤੇਜ ਸਿੰਘ, ਸ਼ਿਵਰਾਜ ਸਿੰਘ ਨੰਦਗੜ੍ਹ ਡੀਐੱਸਪੀ ਜੇਲ੍ਹ, ਦਰਸ਼ਨ ਸਿੰਘ ਰਿਟਾ. ਡੀਐੱਸਪੀ ਵੀ ਹਾਜ਼ਰ ਸਨ। ਇਸ ਮੌਕੇ ਐੱਸਐੱਸਪੀ ਰਾਜ ਬਚਨ ਸਿੰਘ ਸੰਧੂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਸੁਰੱਖਿਆ ਅਫਸਰ ਜਾਂ ਕਰਮਚਾਰੀ ਸ਼ਹੀਦ ਹੋਏ ਹਨ ਅਤੇ ਉਹ ਜਿਸ ਸਕੂਲ 'ਚ ਪੜ੍ਹਦੇ ਰਹੇ ਹਨ, ਉਨ੍ਹਾਂ ਸਕੂਲਾਂ 'ਚ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਜੀਵਨੀਆਂ ਬਾਰੇ ਆਉਣ ਵਾਲੀਆਂ ਨਸਲਾਂ ਨੂੰ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਾਤਾਵਰਨ ਦੀ ਸ਼ੁੱਧੀ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹੀਦ ਹੋਏ ਜਵਾਨਾਂ ਦੇ ਨਾਂ 'ਤੇ ਬੂਟੇ ਵੀ ਲਾਏ ਗਏ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਬੀਤੇ ਸਮੇਂ ਮੈਰਾਥਨ ਦੌੜ ਦਾ ਵੀ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਐੱਸਐੱਸਪੀ ਨੇ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਵਿੱਚ ਹੋਂਟ ਸਪਰਿੰਗਜ਼ ਦੇ ਸਥਾਨ ਤੇ ਚੀਨੀਆਂ ਹੱਥੋਂ ਸ਼ਹੀਦ ਹੋਏ, ਇੰਡੋ ਤਿਬਤੀਅਨ ਫੋਰਸ ਦੇ 10 ਜਵਾਨਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦ ਹੋਏ ਪੰਜਾਬ ਪੁਲਿਸ ਦੇ 22 ਅਫਸਰਾਂ ਅਤੇ 1768 ਪੁਲਿਸ ਕਰਮਚਾਰੀਆਂ ਜਿਨ੍ਹਾਂ ਵਿੱਚ ਪੰਜਾਬ ਹੋਮਗਾਰਡਜ ਦੇ ਜਵਾਨ ਵੀ ਸ਼ਾਮਲ ਹਨ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਨ੍ਹਾਂ ਵਲੋਂ ਦਿਖਾਏ ਗਏ ਕੁਰਬਾਨੀ ਅਤੇ ਤਿਆਗ ਦੇ ਰਸਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ। ਇਸ ਮੌਕੇ ਆਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਭ ਵਰਗਾਂ ਦੇ ਲੋਕਾਂ ਨੇ ਜਿਹਨਾਂ 'ਚ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਸਨ, ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਡੀਐਸਪੀ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ 'ਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ। ਇਸ ਮੌਕੇ ਪੁਲਿਸ ਸ਼ਹੀਦ ਪਰਿਵਾਰਾਂ ਨੂੰਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਿਤ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ।