ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ
ਟੀਐਸਯੂ ਵੱਲੋਂ ਸਬ ਡਿਵੀਜ਼ਨ ਬਰੀਵਾਲਾ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ
Publish Date: Thu, 19 Feb 2026 05:09 PM (IST)
Updated Date: Fri, 20 Feb 2026 04:06 AM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਸਬ ਡਿਵੀਜ਼ਨ ਸਬ ਡਿਵੀਜ਼ਨ ਬਰੀਵਾਲਾ ਵਿਖੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਦੀ ਅਰਥੀ ਸਾੜੀ ਗਈ। ਰੈਲੀ ਦੌਰਾਨ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਬਿਜਲੀ ਬੋਰਡ ਦੀਆਂ ਜਾਇਦਾਦਾਂ ਨੂੰ ਵੇਚਣ ਦਾ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਵਿਰੋਧੀ ਕਾਨੂੰਨ ਅਤੇ ਕਾਰਪੋਰੇਟ ਪੱਖੀ ਨਿੱਜੀਕਰਨ ਦੀ ਨੀਤੀ ਨੂੰ ਧੜੱਲੇ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਬੋਲਦਿਆਂ ਪ੍ਰਧਾਨ ਬੱਲਾ ਸਿੰਘ ਅਤੇ ਗੁਰਾਂ ਦਿੱਤਾ ਸਿੰਘ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਲਗਾਤਾਰ ਲੋਕ ਵਿਰੋਧੀ ਬਿੱਲ ਜਿਨਾਂ ’ਚ ਬਿਜਲੀ ਬਿੱਲ 2025, ਬੀਜ ਬਿੱਲ, ਚਾਰ ਲੇਬਰ ਕੋਡ ਵਰਗੇ ਲੋਕ ਵਿਰੋਧੀ ਕਾਨੂੰਨ ਲਿਆਂਦੇ ਜਾ ਰਹੇ ਹਨ ਅਤੇ ਨਰੇਗਾ ਕਾਨੂੰਨ ਨੂੰ ਖਤਮ ਕਰ ਦਿੱਤਾ ਗਿਆ ਹੈ ਜਿਸ ਖ਼ਿਲਾਫ਼ ਲਗਾਤਾਰ ਲੋਕ ਰੋਹ ਫੁੱਟ ਰਿਹਾ ਹੈ। ਆਮ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਸੰਘਰਸ਼ ਦੇ ਮੈਦਾਨ ਵਿੱਚ ਹਨ। ਇਨ੍ਹਾਂ ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪਿਛਲੇ ਦਿਨੀ 90 ਕਿਸਾਨ ਮਜ਼ਦੂਰ ਮੁਲਾਜ਼ਮ ਵਿਦਿਆਰਥੀ ਨੌਜਵਾਨ ਜਥੇਬੰਦੀਆਂ ਦਾ ਸਾਂਝਾ ਫਰੰਟ ਬਣਿਆ ਜਿਸ ਵੱਲੋਂ ਲਗਾਤਾਰ ਇਸ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਮੇਂ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਜਿੱਥੇ ਪੰਜਾਬ ਦੀ ਸਰਕਾਰ ਕੇਂਦਰ ਵੱਲੋਂ ਲਿਆਂਦੇ ਗਏ ਕਾਨੂੰਨਾਂ ਨੂੰ ਲਾਗੂ ਕਰਨ ’ਤੇ ਲੱਗੀ ਹੋਈ ਹੈ ਉੱਥੇ ਹੀ ਕੇਂਦਰ ਸਰਕਾਰ ਦੀ ਤਰਜ ਤੇ ਲੋਕ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ’ਤੇ ਕੁਚਲਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਇਸ ਸਮੇਂ ਆਗੂਆਂ ਨੇ ਜਿਉਂਦ ਪਿੰਡ ’ਚ ਪੰਜਾਬ ਪੁਲਿਸ ਵੱਲੋਂ ਸੰਘਰਸ਼ੀਲ ਕਿਸਾਨਾਂ ਉੱਪਰ ਲਾਠੀਚਾਰਜ ਕਰਨ ਦੀ ਨਿਖੇਧੀ ਵੀ ਕੀਤੀ। ਰੈਲੀ ਦੌਰਾਨ ਗੁਰਮੇਲ ਸਿੰਘ ਲਾਈਨਮੈਨ, ਪ੍ਰਗਟ ਸਿੰਘ, ਪ੍ਰਭਜੋਤ ਸਿੰਘ, ਸੁਸ਼ੀਲ ਕੁਮਾਰ ਆਦਿ ਆਗੂ ਵੀ ਹਾਜ਼ਰ ਸਨ।