ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਟੀਐਸਯੂ ਪੰਜਾਬ ਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ
Publish Date: Fri, 12 Dec 2025 03:58 PM (IST)
Updated Date: Fri, 12 Dec 2025 04:00 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਟੈਕਨੀਕਲ ਸਰਵਿਸਜ਼ ਯੂਨੀਅਨ ਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਦੇ ਸਾਂਝੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਠਿੰਡਾ ਥਰਮਲ ਕਲੋਨੀ ਦੀ ਜਮੀਨ ਵੇਚਣ ਦੇ ਕੀਤੇ ਫੈਸਲੇ ਦੀ ਜੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ। ਜਥੇਬੰਦੀਆਂ ਨੇ ਸਾਂਝੇ ਤੌਰ ਤੇ ਸਬ ਡਵੀਜ਼ਨ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਵਿਰੋਧ ’ਚ ਰੈਲੀ ਕਰਕੇ ਅਰਥੀ ਸਾੜੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਕੇਸਰ ਸਿੰਘ, ਸਰਕਲ ਸਕੱਤਰ ਮਨਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ, ਸਰਕਲ ਵਿੱਤ ਸਕੱਤਰ ਸੁਖਰਾਜ ਸਿੰਘ, ਡਵੀਜ਼ਨ ਪ੍ਰਧਾਨ ਬਲਰਾਜ ਸਿੰਘ, ਡਵੀਜ਼ਨ ਸਕੱਤਰ ਮੇਜਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀ ਦਿਸ਼ਾਂ ਨਿਰਦੇਸ਼ਾਂ ਤਹਿਤ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਬਿਜਲੀ ਐਕਟ 2003 ’ਚ ਲਗਾਤਾਰ ਸੋਧਾਂ ਕਰਦਿਆਂ ਹੁਣ ਬਿਜਲੀ ਸੋਧ ਬਿੱਲ 2025 ਨੂੰ ਪਾਸ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਰੂਪ ’ਚ ਨਿੱਜੀਕਰਨ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਇਸੇ ਨੀਤੀ ਤਹਿਤ ਹੀ ਕੀਤੇ ਜਾ ਰਹੇ ਹਨ। ਸਾਮਰਾਜੀ ਦਿਸ਼ਾ ਨਿਰਦੇਸਤ ਨੀਤੀਆਂ ਨੂੰ ਲਾਗੂ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ’ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਵਿਰੋਧੀ ਨਿਜੀਕਰਨ ਦੀ ਨੀਤੀ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ। ਇਹਨਾਂ ਸਾਮਰਾਜੀ ਦਿਸ਼ਾ-ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਣ ਦਾ ਹੱਲ ਤੇਜ਼ ਕੀਤਾ ਹੋਇਆ ਹੈ। ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਣ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ, ਸਾਂਝੇ, ਲੰਬੇ ਅਤੇ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ’ਚ ਜੁਟਣ ਦੀ ਲੋੜ ਹੈ, ਕਿਉਂਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਕਦਮ ਲੈ ਰਹੀ ਹੈ ਉਨ੍ਹਾਂ ਤੋਂ ਸਪੱਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ’ਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਣ ਦੀ ਲੋੜ ਵਜੋਂ ਲਏ ਜਾ ਰਹੇ ਇਹ ਕਦਮ ਬੜੇ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ। ਜਿਸਨੂੰ ਅਸਫਲ ਬਣਾ ਕੇ ਨਿੱਜੀਕਰਣ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਲੋੜ ਹੈ। ਇਸ ਹਾਲਤ ’ਚ ਸਭ ਤੋਂ ਪਹਿਲੀ ਲੋੜ ਵੱਖ ਵੱਖ ਜਥੇਬੰਦੀਆਂ ’ਚ ਵੰਡੇ ਹੋਏ ਬਿਜਲੀ ਮੁਲਾਜ਼ਮਾਂ ਨੂੰ ਤੇ ਭਰਾਤਰੀ ਜਥੇਬੰਦੀਆਂ ਨੂੰ ਇੱਕ ਸਾਂਝੇ ਸੰਘਰਸ਼ ਦੇ ਪਲੇਟਫਾਰਮ ’ਤੇ ਇਕੱਠੇ ਕਰਨ ਦੀ ਅਹਿਮ ਲੋੜ ਹੈ। ਇਸ ਹਾਲਤ ’ਚ ਸਮੁੱਚੇ ਬਿਜਲੀ ਮੁਲਾਜ਼ਮਾਂ ਲਈ ਇਹੀ ਇੱਕੋ ਇੱਕ ਠੀਕ ਰਾਹ ਹੈ ਜਿਸ ’ਤੇ ਚੱਲ ਕੇ ਅਸੀਂ ਬਿਜਲੀ ਵਿਭਾਗ ਨੂੰ ਬਚਾਅ ਕੇ ਆਪਣੇ ਰੁਜ਼ਗਾਰ ਨੂੰ ਬਚਾਉਣ ’ਚ ਸਫਲ ਹੋ ਸਕਾਂਗੇ। ਇਸ ਮੌਕੇ ਸੁਖਚੈਨ ਸਿੰਘ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਮਨਪ੍ਰੀਤ ਸਿੰਘ, ਮਿੱਥਣ ਕੁਮਾਰ, ਗੁਰਵਿੰਦਰ ਸਿੰਘ, ਰਾਹੁਲ ਕੁਮਾਰ ਬਲਵਿੰਦਰ ਸਿੰਘ, ਲਾਭ ਸਿੰਘ ਤੋ ਇਲਾਵਾ ਹੋਰ ਵੀ ਸਾਥੀ ਹਾਜ਼ਰ ਰਹੇ।