- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ ਆਰੰਭ : ਬਾਬਾ ਮਨਜੀਤ ਸਿੰਘ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਵਾਂਗ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਸ੍ਰੀ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ 16ਵਾਂ ਮਹਾਨ ਗੁਰਮਤਿ ਸਮਾਗਮ ਇਸ ਵਾਰ 28 ਤੇ 29 ਨਵੰਬਰ ਦਿਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਸਮਾਗਮ ’ਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਤੇ ਕਥਾਵਾਚਕ ਸੰਗਤ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਇਨ੍ਹਾਂ ਸਮਾਗਮਾਂ ’ਚ ਭਾਈ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਜੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਕਥਾਵਾਚਕ, ਭਾਈ ਮਨਿਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਸ਼ਾਨ ਸਿੰਘ ਲੁਧਿਆਣੇ ਵਾਲੇ, ਕਵੀਸ਼ਰ ਮਹਾਕਾਲ ਸੁਖਬੀਰ ਸਿੰਘ ਜੀ ਗੁਰੂ ਨਾਨਕ ਦਲ ਮੜੀਆਂ ਵਾਲੇ, ਰਾਗੀ ਭਾਈ ਜਤਿੰਦਰ ਸਿੰਘ ਸਹਿਜ ਸ੍ਰੀ ਮੁਕਤਸਰ ਸਾਹਿਬ ਵਾਲੇ, ਭਾਈ ਗਗਨਪ੍ਰੀਤ ਸਿੰਘ ਰਾਗੀ ਜੱਥਾ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਭਾਈ ਸਤਵਿੰਦਰ ਸਿੰਘ ਨਿਸ਼ਾਨ ਅਕੈਡਮੀ ਔਲਖ ਦਾ ਕੀਰਤਨੀ ਜੱਥਾ ਵੀ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰੇਗਾ। ਬਾਬਾ ਮਨਜੀਤ ਸਿੰਘ ਅਨੁਸਾਰ 29 ਨਵੰਬਰ ਨੂੰ 11 ਵਜੇ ਅੰਮ੍ਰਿਤ ਸੰਚਾਰ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਹੋਵੇਗਾ। 21 ਨਵੰਬਰ ਤੋਂ 28 ਨਵੰਬਰ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਤੋਂ ਸਵੇਰੇ ਚਾਰ ਵਜੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਧਾਰਮਿਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜ਼ਰੀਆਂ ਲਵਾਉਣ ਦੀ ਬੇਨਤੀ ਕੀਤੀ। ਇਸ ਦੌਰਾਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ।