- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
"ਗੈਂਗਸਟਰਾਂ ਤੇ ਵਾਰ" ਮੁਹਿਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਚੈਕਿੰਗ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮਹਿਮ ‘ਗੈਂਗਸਟਰਾਂ ਤੇ ਵਾਰ’ ਤਹਿਤ ਅਭਿਮੰਨਿਊ ਰਾਣਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ’ ਜ਼ਿਲ੍ਹੇ ਭਰ ਦੇ ਬੱਸ ਸਟੈਂਡ ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਸਰਚ ਅਭਿਆਨ ਅਭਿਮੰਨਿਊ ਰਾਣਾ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ’ਚ ਸਥਿਤ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਚਲਾਇਆ ਗਿਆ। ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਬਚਨ ਸਿੰਘ ਡੀਐੱਸਪੀ (ਸ੍ਰੀ ਮੁਕਤਸਰ ਸਾਹਿਬ), ਨਵੀਨਪਾਲ ਸਿੰਘ ਸਿੰਘ ਡੀ.ਐੱਸ.ਪੀ. (ਮਲੋਟ), ਸ੍ਰੀ ਅਰੁਣ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ) ਅਤੇ ਸ੍ਰੀ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵੱਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਿਵੀਜ਼ਨ ਦੇ ਬੱਸ ਸਟੈਂਡਾਂ ’ਤੇ ਵਿਸਤ੍ਰਿਤ ਸਰਚ ਓਪਰੇਸ਼ਨ ਕੀਤਾ ਗਿਆ।
ਇਸ ਵਿਸ਼ੇਸ਼ ਸਰਚ ਅਭਿਆਨ ’ਚ 220 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਚੈਕਿੰਗ ਦੌਰਾਨ ਬਚਨ ਸਿੰਘ ਡੀਐਸਪੀ, ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਰਾਜਵੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਹਾਜ਼ਰ ਸੀ। ਓਪਰੇਸ਼ਨ ਦੇ ਮੁੱਖ ਪਹਿਲੂ ਤਹਿਤ ਬੱਸ ਸਟੈਂਡਾਂ ’ਤੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ। ਪੈਸ ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ। ਵਾਹਨ ਐਪ ਰਾਹੀਂ ਪਾਰਕਿੰਗ ’ਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਐਂਟੀ-ਸਾਬੋਟਾਜ਼ ਟੀਮਾਂ ਵੱਲੋਂ ਬੱਸ ਸਟੈਂਡ, ਵੇਟਿੰਗ ਹਾਲ, ਪਾਰਕਿੰਗ ਦੇ ਆਲੇ-ਦੁਆਲੇ ਇਲਾਕਿਆਂ ਦੀ ਸੰਘਣੀ ਤਲਾਸ਼ੀ ਕੀਤੀ ਗਈ।
ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ। ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਅਜਿਹੇ ਸਰਚ ਆਪਰੇਸ਼ਨ ਨਿਯਮਤ ਤੌਰ ’ਤੇ ਜਾਰੀ ਰਹਿਣਗੇ ਤਾਂ ਜੋ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਨਕੇਲ ਕੱਸੀ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਭੀੜਭਾੜ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨਾਲ ਅਪਰਾਧਿਕ ਤੱਤਾਂ ’ਚ ਡਰ ਪੈਦਾ ਹੁੰਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸੂਰਤ ’ਚ ਬਖ਼ਸ਼ਿਆ ਨਹੀਂ ਜਾਵੇਗਾ। ਐੱਸਐੱਸਪੀ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦੇ ਨਾਲ-ਨਾਲ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਵੱਲੋਂ ਹਰ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਐੱਸਐੱਸਪੀ ਨੇ ਕਿਹਾ ਕਿ ਪੁਲਿਸ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ ਅਤੇ 24x7 ਡਿਊਟੀ ਨਿਭਾਅ ਰਹੀਆਂ ਹਨ। ਜ਼ਿਲ੍ਹਾ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।