- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਿਆਨਕ ਹਾਦਸੇ ’ਚ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ, ਇਕ ਜਖ਼ਮੀ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਸ਼ਹਿਰ ਦੇ ਕੋਟਕਪੂਰਾ ਰੋਡ ਸਥਿਤ ਕੇਹਰ ਸਿੰਘ ਬਾਈਪਾਸ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਦੂਜਾ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫ਼ਤਾਰ ਕਾਰ ਮੋਟਰਸਾਈਕਲ ਨੂੰ ਕਰੀਬ 200 ਮੀਟਰ ਤੱਕ ਘੜੀਸਦੀ ਹੋਈ ਲੈ ਗਈ। ਇਸ ਮਾਮਲੇ ’ਚ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਵੇਂ ਕਾਰ ਸਵਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਅਰੁਣ ਕੁਮਾਰ ਵਜੋਂ ਹੋਈ ਹੈ, ਜੋ ਕਿ ਪਿੰਡ ਆਸਾ ਪਾਰ, ਤਹਿਸੀਲ ਜਲਾਲਪੁਰ, ਜ਼ਿਲ੍ਹਾ ਅੰਬੇਦਕਰ ਨਗਰ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਇਕੱਤਰ ਜਾਣਕਾਰੀ ਅਨੁਸਾਰ ਅਰੁਣ ਕੁਮਾਰ ਦੀਵਾਲੀ ਦੇ ਤਿਉਹਾਰ ਮੌਕੇ ਆਪਣੀ ਭੈਣ ਨੂੰ ਮਿਲਣ ਅਤੇ ਉਸਨੂੰ ਦੀਵਾਲੀ ਦੇਣ ਲਈ ਸ੍ਰੀ ਮੁਕਤਸਰ ਸਾਹਿਬ ਆਇਆ ਹੋਇਆ ਸੀ। ਉਹ ਆਪਣੇ ਭਾਂਜੇ ਦੀਪਕ ਕੁਮਾਰ ਨਾਲ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕੋਟਕਪੂਰਾ ਰੋਡ ਸਥਿਤ ਕੇਹਰ ਸਿੰਘ ਬਾਈਪਾਸ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕਾਰ ਚਾਲਕ ਮੋਟਰਸਾਈਕਲ ਨੂੰ ਕਰੀਬ 200 ਮੀਟਰ ਤੱਕ ਘੜੀਸਦਾ ਹੋਇਆ ਲੈ ਗਿਆ। ਹਾਦਸੇ ’ਚ ਅਰੁਣ ਕੁਮਾਰ ਨੂੰ ਗੰਭੀਰ ਸੱਟਾਂ ਲੱਗੀਆਂ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਪਹੁੰਚਣ ’ਤੇ ਉਸ ਦੀ ਮੌਤ ਹੋ ਗਈ। ਉੱਥੇ ਹੀ ਦੂਜਾ ਨੌਜਵਾਨ ਦੀਪਕ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦਾ ਇੱਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਹਾਦਸੇ ਸਮੇਂ ਕਾਰ ਲਵਪ੍ਰੀਤ ਸਿੰਘ ਚਲਾ ਰਿਹਾ ਸੀ, ਜਦਕਿ ਉਸ ਦੇ ਨਾਲ ਮਨਦੀਪ ਸਿੰਘ ਮੌਜੂਦ ਸੀ। ਦੋਵੇਂ ਸ੍ਰੀ ਮੁਕਤਸਰ ਸਾਹਿਬ ਦੀ ਭੁੱਲਰ ਕਲੋਨੀ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਪੁਲਿਸ ਨੇ ਕਾਰ ਸਵਾਰ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਚਸ਼ਮਦੀਦਾਂ ਵੱਲੋਂ ਕਾਰ ਦੀ ਰਫ਼ਤਾਰ ਬੇਹੱਦ ਤੇਜ਼ ਹੋਣ ਅਤੇ ਕਾਰ ਸਵਾਰਾਂ ਦੇ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਹੋਣ ਦੇ ਦਾਅਵੇ ਕੀਤੇ ਗਏ ਸਨ। ਹਾਲਾਂਕਿ ਇਸ ਸਬੰਧੀ ਪੁਲਿਸ ਜਾਂਚ ਅਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਹੀ ਸਥਿਤੀ ਸਪੱਸ਼ਟ ਹੋਵੇਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਐੱਸਐੱਚਓ ਰਵਿੰਦਰ ਕੌਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਸਨ। ਮਾਮਲੇ ਦੀ ਜਾਂਚ ਕਰ ਰਹੇ ਡਿਊਟੀ ਅਫ਼ਸਰ ਲਖਵਿੰਦਰ ਸਿੰਘ ਵੱਲੋਂ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਮਾਤਮ ’ਚ ਬਦਲ ਦਿੱਤਾ ਹੈ। ਦੀਵਾਲੀ ਦੇ ਤਿਉਹਾਰ ਮੌਕੇ ਆਪਣੀ ਭੈਣ ਨੂੰ ਮਿਲਣ ਆਏ ਅਰੁਣ ਕੁਮਾਰ ਦੀ ਸੜਕ ਹਾਦਸੇ ’ਚ ਹੋਈ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।