
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਂਹ ਤੋਂ ਬਾਅਦ ਬੰਗਾ ਦਾ ਬਿਜਲੀ ਘਰ ਧਾਰ ਲੈਂਦਾ ਹੈ ਛੱਪੜ ਦਾ ਰੂਪ-ਲੋਕ ਪ੍ਰੇਸ਼ਾਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਮੀਂਹ ਪੈਣ ਤੋਂ ਬਾਅਦ ਬੰਗਾ ਦਾ ਬਿਜਲੀ ਘਰ ਵਿਚ ਪਾਣੀ ਇਕੱਠਾ ਹੋਣ ਕਾਰਨ ਛੱਪੜ ਦਾ ਰੂਪ ਧਾਰ ਲੈਂਦਾ ਹੈ, ਜੋ ਕਈ ਘੰਟਿਆਂ ਤੱਕ ਖੜ੍ਹਾ ਰਹਿਣ ਕਾਰਨ ਦਫਤਰ ਵਿਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਜਦੋਂ ਐੱਸਡੀਓ ਗੁਰਬਖਸ਼ ਰਾਮ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬਿਜਲੀ ਘਰ ਦੇ ਦੋਵੇਂ ਪਾਸੇ ਗੜ੍ਹਸ਼ੰਕਰ ਰੋਡ ਅਤੇ ਨਵਾਂਸ਼ਹਿਰ ਰੋਡ ਦੀਆਂ ਸੜਕਾਂ ਉੱਚੀਆਂ ਹੋ ਚੁੱਕੀਆਂ ਹਨ। ਜਿਸ ਕਾਰਨ ਮੀਂਹ ਦਾ ਸਾਰਾ ਪਾਣੀ ਬਿਜਲੀ ਘਰ ਦੇ ਵਿਹੜੇ ਵਿਚ ਜਮ੍ਹਾਂ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਘਰ ਵਿਚ ਬਣੀ ਸੜਕ ਦਾ ਹਾਲ ਬਦ ਤੋਂ ਬਦਤਰ ਹੋ ਚੁੱਕਾ ਹੈ। ਇੱਥੇ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਦੋ ਦਫ਼ਤਰ ਹਨ। ਇਨ੍ਹਾਂ ਦੋਵਾਂ ਵਿਚਕਾਰ ਜੋ ਸੜਕ ਬਣੀ ਹੋਈ ਹੈ ਉੱਥੋਂ ਕਰਮਚਾਰੀਆਂ ਅਤੇ ਲੋਕਾਂ ਦਾ ਲੰਘਣਾ ਬਹੁਤ ਹੀ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਇਸ ਨਰਕ ਦਾ ਜਲਦੀ ਤੋਂ ਜਲਦੀ ਕੋਈ ਹੱਲ ਕੀਤਾ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਹਰ ਵਾਰ ਮੀਂਹ ਪੈਣ ’ਤੇ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ। ਲੋਕਾਂ ਨੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਿਜਲੀ ਘਰ ਦੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੀਂਹ ਤੋਂ ਬਾਅਦ ਪੈਦਾ ਹੋਣ ਵਾਲੀ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।