- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਦੀਪ ਭਨੋਟ/ਨਰਿੰਦਰ ਮਾਹੀ, ਪੰਜਾਬੀ

ਪ੍ਰਦੀਪ ਭਨੋਟ/ਨਰਿੰਦਰ ਮਾਹੀ, ਪੰਜਾਬੀ ਜਾਗਰਣ
ਬੰਗਾ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵੀਰਵਾਰ ਸ਼ਾਮ ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਬਹੁਤ ਹੀ ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ ਜਿਸ ਤੋਂ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ।
ਇਸ ਮੌਕੇ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ। ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ ਭਰ ਚੱਲਣ ਵਾਲੇ ਸਮਾਗਮਾਂ ਨਾਲ ਮਨਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਤਹਿਤ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ। ਸਮਾਗਮ ਦੌਰਾਨ ਵਾਈਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਕੁਲਜੀਤ ਸਿੰਘ ਸਰਹਾਲ, ਨਗਰ ਕੌਂਸਲ ਪ੍ਰਧਾਨ ਬੰਗਾ ਮੋਨਿਕਾ ਵਾਲਿਆ, ਚੇਅਰਪਰਸਨ ਬਲਾਕ ਸੰਮਤੀ ਬੰਗਾ ਸਤਿੰਦਰ ਕੌਰ, ਵਾਈਸ ਚੇਅਰਪਰਸਨ ਬਲਾਕ ਸੰਮਤੀ ਬੰਗਾ ਮੀਨਾ ਕੁਮਾਰੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੋਹਣ ਲਾਲ ਢਾਂਡਾ, ਐਸਡੀਐਮ ਵਿਪਨ ਭੰਡਾਰੀ, ਤਹਿਸੀਲਦਾਰ ਸਰਵੇਸ਼ ਰਾਜਨ, ਨਾਇਬ ਤਹਿਸੀਲਦਾਰ ਅਰਮਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਉਚੇਚੇ ਤੋਰ ‘ਤੇ ਮੌਜੂਦ ਸਨ। ਡਰੋਨ ਸ਼ੋਅ ਦੌਰਾਨ ਰਾਗੀ ਜੱਥਾ ਭਾਈ ਜਗਜੀਤ ਸਿੰਘ ਜੀ ਹਜੂਰੀ ਰਾਗੀ ਗੁਰੂਦੁਆਰਾ ਗੁਰਪਲਾਹ ਚੱਕ ਗੁਰੂ ਪਾਤਸ਼ਾਹੀ ਨੌਵੀਂ, ਭਾਈ ਨਰਪ੍ਰੀਤ ਸਿੰਘ, ਭਾਈ ਜੈਮਲ ਸਿੰਘ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।