ਸਨ ਫਾਰਮਾ 'ਚ 557ਵਾਂ ਪ੍ਰਕਾਸ਼ ਪੁਰਬ ਮਨਾਇਆ ਸਨ ਫਾਰਮਾ 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ
Publish Date: Thu, 26 Nov 2026 03:59 PM (IST)
Updated Date: Thu, 26 Nov 2026 04:01 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਨਵਾਂਸ਼ਹਿਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਨ ਫਾਰਮਾ ਕੰਪਨੀ ਟੌਂਸਾ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਬੜੀ ਸ਼ਰਧਾ ਅਤੇ ਗੁਰ ਮਰਿਆਦਾ ਅਨੁਸਾਰ ਪਾਏ ਗਏ। ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿਚ ਦਵਿੰਦਰ ਸਿੰਘ ਮਾਛੀਵਾੜਾ ਵਾਲੇ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਕੀਰਤਨੀਏ ਜਥੇ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦਾ ਜਨਮ ਰਾਏ ਭੋਏ ਦੀ ਪਿੰਡ ਤਲਵੰਡੀ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਇਆ ਅਤੇ ਬਚਪਨ ਤੋਂ ਹੀ ਉਨ੍ਹਾਂ ਵਿਚ ਰੱਬੀ ਰੂਹਾਨੀਅਤ ਦੇ ਲੱਛਣ ਸਨ। ਗੁਰੂ ਸਾਹਿਬ ਨੇ ਆਪਣੀਆਂ ਚਾਰ ਉਦਾਸੀਆਂ ਦੌਰਾਨ ਦੇਸ਼-ਵਿਦੇਸ਼ ਵਿਚ ਜਾ ਕੇ ਸੱਚੀ ਕਿਰਤ, ਨਾਮ ਜਪੋ ਅਤੇ ਵੰਡ ਛਕੋ ਦਾ ਪ੍ਰਚਾਰ ਕੀਤਾ। ਜਥੇ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਲਾਂਟ ਹੈੱਡ ਵਨੀਤ ਗੁਪਤਾ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਾਰੀ ਮਨੁੱਖਤਾ ਲਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸੱਚ, ਕਿਰਤ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਹੈ। ਸਾਨੂੰ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲ ਕੇ ਆਪਸੀ ਭਾਈਚਾਰਾ ਅਤੇ ਪਿਆਰ ਵਧਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਸ਼ਾਸਨਿਕ ਪ੍ਰਬੰਧਕ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਕੰਪਨੀ ਵਿਚ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦਾ ਮਕਸਦ ਕਰਮਚਾਰੀਆਂ ਵਿੱਚ ਏਕਤਾ, ਸ਼ਾਂਤੀ ਅਤੇ ਸਕਾਰਾਤਮਕ ਸੋਚ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਅਖੀਰ ਵਿਚ ਪ੍ਰਬੰਧਕਾਂ ਵੱਲੋਂ ਪਾਠੀ ਸਿੰਘਾਂ ਅਤੇ ਰਾਗੀ ਸਿੰਘਾਂ ਨੂੰ ਸਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ। ਗੁਰੂ ਜੀ ਦਾ ਲੰਗਰ ਅਟੁੱਟ ਵਰਤਾਇਆ ਗਿਆ। ਸਮੂਹ ਅਧਿਕਾਰੀਆਂ ਵੱਲੋਂ ਲੰਗਰ ਵਿਚ ਬੜੀ ਸ਼ਰਧਾ ਪੂਰਵਕ ਸੇਵਾ ਨਿਭਾਈ ਗਈ। ਇਸ ਮੌਕੇ ਵਿਸ਼ਾਲ ਸ਼ਰਮਾ, ਵਨੀਤ ਗੁਪਤਾ, ਯੋਗੇਸ਼ ਸ਼ਰਮਾ, ਸੰਦੀਪ ਸ਼ਰਮਾ, ਰਾਕੇਸ਼ ਰਾਣਾ, ਖੇਮਾਨੰਦ, ਜਸਬੀਰ ਸਿੰਘ, ਰੁਪਿੰਦਰ ਕੌਰ, ਮਨਦੀਪ ਸਿੰਘ ਸਮੇਤ ਕੰਪਨੀ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।