ਜ਼ਿਲ੍ਹੇ 'ਚ 57,037 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜ਼ਿਲ੍ਹੇ 'ਚ 57,037 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
Publish Date: Wed, 25 Nov 2026 04:29 PM (IST)
Updated Date: Wed, 25 Nov 2026 04:31 PM (IST)
ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਲਈ ਸਿਹਤ ਮੁਲਾਜ਼ਮਾਂ ਤੇ ਲੋਕਾਂ ਦਾ ਕੀਤਾ ਧੰਨਵਾਦ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਚ ਚਲਾਈ ਗਈ ਤਿੰਨ ਦਿਨਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਮੰਗਲਵਾਰ ਨੂੰ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ 10,042 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਤਰ੍ਹਾਂ ਜ਼ਿਲ੍ਹਾ ਸਿਹਤ ਵਿਭਾਗ ਨੇ ਨਿਰਧਾਰਤ ਟੀਚੇ ਤੋਂ ਵੱਧ ਪ੍ਰਾਪਤੀ ਕਰਦਿਆਂ 100.05 ਫੀਸਦੀ ਟੀਚਾ ਸਫਲਤਾ ਪੂਰਵਕ ਹਾਸਲ ਕੀਤਾ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 32,910, ਦੂਜੇ ਦਿਨ 14,085 ਅਤੇ ਤੀਜੇ ਤੇ ਆਖਰੀ ਦਿਨ 10,042 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 57,010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਸੀ। ਸਿਹਤ ਵਿਭਾਗ ਦੀਆਂ ਟੀਮਾਂ ਨੇ ਤਿੰਨ ਦਿਨਾਂ ਦੌਰਾਨ ਕੁੱਲ 57,037 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100.05 ਫੀਸਦੀ ਪ੍ਰਾਪਤੀ ਦਰਜ ਕੀਤੀ। ਤੀਜੇ ਦਿਨ ਵੱਖ-ਵੱਖ ਸਿਹਤ ਬਲਾਕਾਂ ਵਿਚ ਹੋਈ ਪ੍ਰਾਪਤੀ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਵਿਚ 2,722, ਬੰਗਾ ਵਿਚ 671, ਰਾਹੋਂ ਵਿਚ 245, ਬਲਾਚੌਰ ਸ਼ਹਿਰੀ ਵਿਚ 496, ਮੁਜ਼ੱਫਰਪੁਰ ਵਿਚ 941, ਸੁੱਜੋਂ ਵਿਚ 1,073, ਮੁਕੰਦਪੁਰ ਵਿਚ 1,052, ਸੜੋਆ ਵਿਚ 440 ਅਤੇ ਬਲਾਚੌਰ ਦਿਹਾਤੀ ਵਿਚ 2,402 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਸਿਹਤ ਵਿਭਾਗ ਦੀਆਂ ਟੀਮਾਂ ਦੀ ਅਣਥੱਕ ਮਿਹਨਤ, ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਜ਼ਿਲ੍ਹਾ ਵਾਸੀਆਂ ਦੇ ਭਰਪੂਰ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ, ਭਾਈਵਾਲ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ, ਜ਼ਿਲ੍ਹਾ ਵਾਸੀਆਂ, ਗੈਰ-ਸਰਕਾਰੀ ਸੰਗਠਨਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਭਵਿੱਖ ਅਤੇ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਸਿਹਤ ਮੁਹਿੰਮਾਂ ਵਿਚ ਹਰ ਵਰਗ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਨੂੰ ਪੋਲੀਓ ਮੁਕਤ ਰੱਖਣ ਦੇ ਟੀਚੇ ਨੂੰ ਬਰਕਰਾਰ ਰੱਖਣ ਲਈ ਭਵਿੱਖ ਵਿਚ ਵੀ ਸਿਹਤ ਵਿਭਾਗ ਨੂੰ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣ।