- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਦੀਪ ਭਨੋਟ/ਜਗਤਾਰ ਮਹਿੰਦੀਪੁਰੀਆ, ਪੰਜਾਬੀ

ਪ੍ਰਦੀਪ ਭਨੋਟ/ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਸ਼ਾਮ ਵਿਧਾਨ ਸਭਾ ਹਲਕਾ ਬਲਾਚੌਰ ਦੇ ਬੀਏਵੀ ਸਕੂਲ ਸਪੋਰਟਸ ਗਰਾਊਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬੇ ਭਰ ਵਿਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਲਗਾਤਾਰ ਡਰੋਨ ਸ਼ੋਅਜ਼, ਡਾਕੂਮੈਂਟਰੀ, ਵਿਦਿਅਕ ਅਦਾਰਿਆਂ ਵਿਚ ਸੈਮੀਨਾਰ ਅਤੇ ਗੁਰੂ ਜੀ ਦੇ ਜੀਵਨ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ ਜਿਸ ਤੋਂ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ। ਵਿਧਾਇਕ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ ਭਰ ਚੱਲਣ ਵਾਲੇ ਸਮਾਗਮਾਂ ਨਾਲ ਮਨਾਉਣ ਦਾ ਮੌਕਾ ਮਿਲ ਰਿਹਾ ਹੈ ਜਿਸ ਤਹਿਤ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ। ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੰਜੀਵ ਚੌਧਰੀ, ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ, ਵਧੀਕ ਡਿਪਟੀ ਕਮਿਸ਼ਨਰ (ਜ) ਸੁਨੀਲ ਫੋਗਾਟ, ਚੇਅਰਮੈਨ ਮਾਰਕੀਟ ਕਮੇਟੀ ਸੇਠੀ ਉਧਣੇਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨ ਕਟਾਰੀਆ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤ ਵੀ ਮੌਜੂਦ ਸਨ। ਡਰੋਨ ਸ਼ੋਅ ਦੌਰਾਨ ਰਾਗੀ ਜੱਥਾ ਭਾਈ ਜਸਵੀਰ ਸਿੰਘ ਮਹਿਤਪੁਰ ਵਾਲਿਆ ਵਲੋਂ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।