80ਵਾਂ ਆਜ਼ਾਦੀ ਦਿਹਾੜਾ : ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ 80ਵਾਂ ਆਜ਼ਾਦੀ ਦਿਹਾੜਾ: ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
Publish Date: Thu, 13 Aug 2026 05:29 PM (IST)
Updated Date: Thu, 13 Aug 2026 05:32 PM (IST)
- ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਲਹਿਰਾਇਆ ਰਾਸ਼ਟਰੀ ਝੰਡਾ - 15 ਅਗਸਤ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਥਾਨਕ ਆਈਟੀਆਈ ਦੀ ਗਰਾਊਂਡ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਐੱਸਪੀ ਤੁਸ਼ਾਰ ਗੁਪਤਾ ਅਤੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਅਤੇ ਅਵਨੀਤ ਕੌਰ ਵੀ ਮੌਜੂਦ ਸਨ। ਪਰੇਡ ਦੇ ਨਿਰੀਖਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪਰੇਡ ਕਮਾਂਡਰ ਡੀਐੱਸਪੀ ਜਤਿੰਦਰ ਸਿੰਘ ਚੌਹਾਨ ਦੀ ਅਗਵਾਈ ਵਿਚ ਕੱਢੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਵਿਚ ਪੰਜਾਬ ਪੁਲਿਸ (ਪੁਰਸ਼), ਪੰਜਾਬ ਪੁਲਿਸ ਮਹਿਲਾ ਵਿੰਗ, ਕ੍ਰਿਪਾਲ ਸਾਗਰ ਅਕੈਡਮੀ, ਕੈਬਰਿਜ ਇੰਟਰਨੈਸ਼ਨਲ ਸਕੂਲ, ਜਵਾਹਰ ਨਵੋਦਿਆ ਸਕੂਲ ਦੀਆਂ ਟੁਕੜੀਆਂ ਅਤੇ ਕੇਸੀ ਪਬਲਿਕ ਸਕੂਲ ਦਾ ਬੈਂਡ ਵੀ ਸ਼ਾਮਿਲ ਸੀ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਰਾਸ਼ਟਰੀ ਝੰਡਾ ਲਹਿਰਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਬੰਧਾਂ ਸਬੰਧੀ ਲੋੜੀਂਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮਹੱਤਵਪੂਰਣ ਸਮਾਗਮ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਅਧਿਕਾਰੀਆਂ ਸੌਂਪੀ ਗਈ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਅਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਖਾਲੀ ਐਂਟਰੀ, ਬੈਠਣ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ, ਸੁਚਾਰੂ ਆਵਾਜਾਈ ਅਤੇ ਪਾਰਕਿੰਗ ਲਈ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਦਿਵਸ ਸਮਾਗਮ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਵੀ ਦਿੱਤਾ।