27 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਹੋਵੇਗੀ ਬਲੈਕਆਊਟ ਮੌਕ ਡ੍ਰਿਲ 27 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਹੋਵੇਗੀ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ
Publish Date: Thu, 19 Nov 2026 06:07 PM (IST)
Updated Date: Thu, 19 Nov 2026 06:09 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ 27 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਰਾਤ 8 ਵਜੇ ਸਾਲ 2026 ਦੀ ਦੂਜੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਦੱਸਿਆ ਕਿ 27 ਨਵੰਬਰ ਨੂੰ ਰਾਤ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲੈਕਆਊਟ ਮੌਕ ਡ੍ਰਿਲ ਕਰਵਾਈ ਜਾਵੇਗੀ। ਇਸ ਦਾ ਮੁੱਖ ਉਦੇਸ਼ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੀ ਤਿਆਰੀ, ਕਾਰਜਕੁਸ਼ਲਤਾ ਅਤੇ ਆਪਸੀ ਤਾਲਮੇਲ ਨੂੰ ਪਰਖਣਾ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਦੌਰਾਨ ਬਿਲਕੁਲ ਨਾ ਘਬਰਾਉਣ, ਕਿਉਂਕਿ ਇਹ ਸਿਰਫ਼ ਇੱਕ ਸਿਖਲਾਈ ਅਭਿਆਸ ਹੈ। ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਜਾਂ ਗਲਤ ਖ਼ਬਰਾਂ ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਉਨ੍ਹਾਂ ਨੂੰ ਅੱਗੇ ਫੈਲਾਉਣ। ਉਨ੍ਹਾਂ ਦੱਸਿਆ ਕਿ ਮੌਕ ਡ੍ਰਿਲ ਦੌਰਾਨ ਲੋਕਾਂ ਨੂੰ ਆਪਣੀਆਂ ਸਾਰੀਆਂ ਲਾਈਟਾਂ ਬੰਦ ਰੱਖਣ ਅਤੇ ਜਨਰੇਟਰ ਸੈੱਟ, ਪਾਵਰ ਬੈਕਅੱਪ ਸਿਸਟਮ, ਟਾਰਚ, ਮੋਮਬੱਤੀਆਂ ਜਾਂ ਮਾਚਿਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਅਭਿਆਸ ਸਬੰਧੀ ਲੋਕਾਂ ਨੂੰ ਸੁਚੇਤ ਕਰਨ ਲਈ ਸ਼ਾਮ ਕਰੀਬ 7:55 ਵਜੇ ਸਾਇਰਨ ਵਜਾਏ ਜਾਣਗੇ ਅਤੇ ਜਨਤਕ ਥਾਵਾਂ ਤੋਂ ਵੀ ਐਲਾਨ ਕੀਤੇ ਜਾਣਗੇ। ਇਸ ਤੋਂ ਬਾਅਦ ਪੀਐਸਪੀਸੀਐਲ ਵੱਲੋਂ ਅਭਿਆਸ ਦੇ ਹਿੱਸੇ ਵਜੋਂ ਸਬੰਧਤ ਇਲਾਕੇ ਦੀ ਬਿਜਲੀ ਸਪਲਾਈ ਆਰਜ਼ੀ ਤੌਰ ਤੇ ਬੰਦ ਕੀਤੀ ਜਾਵੇਗੀ।।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲੈਕਆਊਟ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ। ਤਾਂ ਜੋ ਇਸ ਅਭਿਆਸ ਦੇ ਅਸਲ ਉਦੇਸ਼ ਦੀ ਪੂਰਤੀ ਹੋ ਸਕੇ। ਮੌਕ ਡ੍ਰਿਲ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਲਾਰਮ ਨਾਲ ਹੋਵੇਗੀ। ਇਸ ਵਿਚ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੋਰਸ (ਐਨਡੀਆਰਐਫ), ਫਾਇਰ ਬ੍ਰਿਗੇਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਂਸਲ, ਪੁਲਿਸ, ਸਿਹਤ ਵਿਭਾਗ, ਸਿਵਲ ਡਿਫੈਂਸ ਅਤੇ ਐਨਸੀਸੀ ਸਮੇਤ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਅਭਿਆਸ ਰਾਹੀਂ ਅਸਲ ਐਮਰਜੈਂਸੀ ਵਰਗੀ ਸਥਿਤੀ ਪੈਦਾ ਕਰਕੇ ਸਾਰੇ ਸਬੰਧਤ ਵਿਭਾਗਾਂ ਦੀ ਤਿਆਰੀ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਵੱਖ-ਵੱਖ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨਵਾਂਸ਼ਹਿਰ ਨਿਵਾਸੀਆਂ ਨੂੰ ਇਸ ਮਹੱਤਵਪੂਰਨ ਅਭਿਆਸ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।