350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Sat, 28 Feb 2026 07:29 PM (IST)
Updated Date: Sun, 01 Mar 2026 04:11 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਆਰੀਆ ਸਮਾਜ ਕਾਲਜ ਅਤੇ ਬੀਐਲਐਮ ਕਾਲਜ (ਲੜਕੀਆਂ) ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ। ਜਿਸ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਜੋ ਬਲਿਦਾਨ ਦਿੱਤਾ। ਉਹ ਵਿਸ਼ਵ ਭਰ ਦੇ ਇਤਿਹਾਸ ਵਿਚ ਬੇਮਿਸਾਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਸਾਡੇ ਨੌਂਵੇ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਆਰੀਆ ਕਾਲਜ ਤੇ ਬੀਐਲਐਮ ਕਾਲਜ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣੇ ਸਮੇਂ ਦੀ ਲੋੜ ਹੈ। ਕਿਉਂਕਿ ਗੁਰੂ ਸਾਹਿਬ ਦਾ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਆਪਣੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਇਸ ਮੌਕੇ ਕਾਲਜ ਪ੍ਰਬੰਧਕਾਂ ਵਿਚ ਯਸ਼ ਗਿਰੀ, ਕੁਲਦੀਪ ਅਗਨੀਹੋਤਰੀ, ਵਿਨੋਦ ਭਾਰਦਵਾਜ ਸਮੇਤ ਵੱਡੀ ਗਿਣਤੀ ਵਿਚ ਕਾਲਜ ਵਿਦਿਆਰਥੀ ਅਤੇ ਸਟਾਫ ਮੈਂਬਰਾਨ ਹਾਜ਼ਰ ਸਨ।