- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਸਤੰਬਰ ਮੋਗਾ ਰੈਲੀ ਦੀ ਤਿਆਰੀ ਲਈ ਉੜਾਪੜ ਵਿੱਚ ਜਾਗੋ ਕੱਢੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ ਭਾਜਪਾ-ਆਰਐੱਸਐੱਸ ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਪਿੰਡ ਉੜਾਪੜ ਵਿਚ ਜਾਗੋ ਕੱਢੀ ਗਈ। ਜਿਸ ਵਿਚ ਔਰਤਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸੂਬਾ ਆਗੂ ਦਲਜੀਤ ਸਿੰਘ ਐਡਵੋਕੇਟ ਅਤੇ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦਾ ਸੰਵਿਧਾਨ ਅਤੇ ਜਮਹੂਰੀਅਤ ਖ਼ਤਮ ਕਰ ਕੇ ਦੇਸ਼ ਵਿਚ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ। ਇਸ ਲਈ ਸਰਕਾਰੀ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ। ਨਿੱਤ ਕਾਲੇ ਕਾਨੂੰਨ ਘੜੇ ਜਾ ਰਹੇ ਹਨ, ਵਿਰੋਧੀਆਂ ਨੂੰ ਜੇਹਲਾਂ ਵਿਚ ਸੁਟਿਆ ਜਾ ਰਿਹਾ ਹੈ, ਇਥੋਂ ਤੱਕ ਕਿ ਸੰਸਦ ਦੀ ਮਰਿਆਦਾ ਨੂੰ ਖੁਦ ਹੀ ਤਾਰ-ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਪ੍ਰਬੰਧ ਪੰਜਾਬ ਹਵਾਲੇ ਕਰਨ, ਚੰਡੀਗੜ੍ਹ ਪੰਜਾਬ ਨੂੰ ਦੇਣ, ਸਾਰੇ ਸਿਆਸੀ ਕੈਦੀ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ, ਯੂਏਪੀਏ, ਐਸਮਾ ਅਤੇ ਹੋਰ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਮੋਗਾ ਰੈਲੀ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਨਰਿੰਦਰ ਸਿੰਘ ਉੜਾਪੜ, ਅਵਤਾਰ ਸਿੰਘ, ਮੋਹਨ ਸਿੰਘ, ਕਰਨੈਲ ਸਿੰਘ ਮੌਲਾ, ਸੰਤੋਸ਼ ਕੌਰ, ਗੁਰਦੇਵ ਕੌਰ, ਸੁਰਜੀਤ ਕੌਰ ਅਤੇ ਹੋਰ ਆਗੂ ਵੀ ਮੌਜੂਦ ਸਨ।