- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਸਾਂਝੀ ਮੀਟਿੰਗ ਹੋਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਸਾਂਝੀ ਮੀਟਿੰਗ ਹੋਈ। ਇਸ ਦੌਰਾਨ ਪਿਛਲੀ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ, ਤਰਜੀਹੀ ਖੇਤਰਾਂ ਵਿਚ ਕਰਜ਼ਾ ਵੰਡ ਅਤੇ ਵਿੱਤੀ ਸਮਾਵੇਸ਼ ਪ੍ਰੋਗਰਾਮਾਂ ਦੀ ਵਿਆਪਕ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਭਾਰਤੀ ਰਿਜ਼ਰਵ ਬੈਂਕ ਦੇ ਲੀਡ ਬੈਂਕ ਅਫ਼ਸਰ ਅਤੇ ਸਹਾਇਕ ਜਨਰਲ ਮੈਨੇਜਰ ਐੱਚਐੱਲ ਭਾਟੀਆ, ਪੰਜਾਬ ਨੈਸ਼ਨਲ ਬੈਂਕ ਦੇ ਲੀਡ ਡਿਸਟਿ੍ਰਕਟ ਮੈਨੇਜਰ ਰਾਜੇਸ਼ ਮੋਹਨ ਭਗਤ ਸਮੇਤ ਜ਼ਿਲ੍ਹੇ ਦੇ ਸਮੂਹ ਸਰਕਾਰੀ, ਨਿੱਜੀ ਅਤੇ ਸਹਿਕਾਰੀ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਜ਼ ਸ਼ਾਮਲ ਹੋਏ। ਇਸ ਤੋਂ ਇਲਾਵਾ ਖੇਤੀਬਾੜੀ, ਡੇਅਰੀ, ਮੱਛੀ ਪਾਲਣ ਸਮੇਤ ਸਾਰੇ ਸਬੰਧਿਤ ਸਹਾਇਕ ਵਿਭਾਗਾਂ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਸਾਲਾਨਾ ਕਰਜ਼ਾ ਟੀਚਿਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਆਮ ਲੋਕਾਂ, ਖਾਸ ਕਰ ਕੇ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਵਿਚ ਕੋਈ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਲੋਨ ਸੰਬੰਧੀ ਕੇਸਾਂ ਨੂੰ ਬੇਲੋੜਾ ਲਟਕਾਉਣ ਦੀ ਪ੍ਰਵਿਰਤੀ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਦੂਰ-ਦੁਰਾਡੇ ਪੇਂਡੂ ਖੇਤਰਾਂ ਵਿਚ ਰਸਮੀ ਬੈਂਕਿੰਗ ਸਹੂਲਤਾਂ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਲਈ ਬਿਜ਼ਨਸ ਕਾਰਸਪੌਡੈਂਟਸ ਅਤੇ ਗਾਹਕ ਸੇਵਾ ਕੇਂਦਰਾਂ ਦਾ ਦਾਇਰਾ ਹੋਰ ਵਧਾਇਆ ਜਾਵੇ। ਪੇਂਡੂ ਆਰਥਿਕਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਜ਼ੋਰ ਦਿੱਤਾ ਕਿ ਬੈਂਕ ਰਵਾਇਤੀ ਖੇਤੀ ਦੇ ਨਾਲ-ਨਾਲ ਖੇਤੀ ਨਾਲ ਸੰਬੰਧਤ ਸਹਾਇਕ ਧੰਦਿਆਂ, ਖਾਸ ਕਰ ਕੇ ਡੇਅਰੀ ਕਰਜ਼ੇ, ਮੱਛੀ ਪਾਲਣ ਅਤੇ ਪਸ਼ੂ ਪਾਲਣ ਲਈ ਕਰਜ਼ਾ ਵੰਡ ਵਿਚ ਤੇਜ਼ੀ ਲਿਆਉਣ। ਇਸ ਦੇ ਨਾਲ ਹੀ ਕਿਸਾਨ ਕ੍ਰੈਡਿਟ ਕਾਰਡ ਸਕੀਮ ਤਹਿਤ ਤੇਜ਼ੀ ਨਾਲ ਕਾਰਡ ਜਾਰੀ ਕੀਤੇ ਜਾਣ। ਜ਼ਿਲ੍ਹੇ ਦੇ ਹਰੇਕ ਨਾਗਰਿਕ ਤੱਕ ਬੀਮਾ ਸੁਰੱਖਿਆ ਪਹੁੰਚਾਉਣ ਦੇ ਉਦੇਸ਼ ਨਾਲ ਬੈਂਕਾਂ ਨੂੰ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਸਮਾਜਿਕ ਸੁਰੱਖਿਆ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਦਾ ਵੱਡੇ ਪੱਧਰ ’ਤੇ ਪ੍ਰਚਾਰ ਕਰ ਕੇ ਹਰੇਕ ਯੋਗ ਵਿਅਕਤੀ ਨੂੰ ਇਸ ਦਾ ਲਾਭ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਦੌਰਾਨ ਆਰਬੀਆਈ ਦੇ ਏਜੀਐੱਮ ਐੱਚਐੱਲ ਭਾਟੀਆ ਨੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਜ਼ਿਲ੍ਹੇ ਦੇ ਕਰਜ਼ਾ ਜਮ੍ਹਾਂ ਅਨੁਪਾਤ ਵਿਚ ਸੁਧਾਰ ਲਿਆਉਣ ’ਤੇ ਜ਼ੋਰ ਦਿੱਤਾ। ਲੀਡ ਡਿਸਟਿ੍ਰਕਟ ਮੈਨੇਜਰ ਰਾਜੇਸ਼ ਮੋਹਨ ਭਗਤ ਨੇ ਪਿਛਲੀ ਤਿਮਾਹੀ ਦੇ ਪ੍ਰਗਤੀ ਅੰਕੜੇ ਪੇਸ਼ ਕੀਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਸਾਰੇ ਬੈਂਕ ਸਬੰਧਿਤ ਵਿਭਾਗਾਂ ਨਾਲ ਆਪਸੀ ਤਾਲਮੇਲ ਰਾਹੀਂ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨਗੇ।