- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੀਸੀਪੀਐੱਨਡੀਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਕਰਵਾਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪੀਸੀਪੀਐੱਨਡੀਟੀ ਸਲਾਹਕਾਰ ਕਮੇਟੀ ਦੀ ਮਹੱਤਵ ਪੂਰਨ ਮੀਟਿੰਗ ਕੀਤੀ ਗਈ। ਜਿਸ ਦਾ ਮੁੱਖ ਉਦੇਸ਼ ਪੀਸੀਪੀਐੱਨਡੀਟੀ ਨੂੰ ਜ਼ਿਲ੍ਹੇ ਵਿਚ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਲਾਗੂ ਕਰਨਾ ਹੈ, ਤਾਂ ਜੋ ਲਿੰਗ ਚੋਣ ਸਬੰਧੀ ਗੈਰ-ਕਾਨੂੰਨੀ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਕਾਰਜਕਾਰੀ ਪੀਐੱਨਡੀਟੀ ਕੋਆਰਡੀਨੇਟਰ ਡਾ. ਹਰਨੇਕ ਸਿੰਘ ਵੱਲੋਂ ਕਮੇਟੀ ਮੈਂਬਰਾਂ ਨੂੰ ਪੀਸੀਪੀਐੱਨਡੀਟੀ ਰਜਿਸਟ੍ਰੇਸ਼ਨ ਨਵਿਆਉਣ ਸਮੇਤ ਵੱਖ-ਵੱਖ ਏਜੰਡਾ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਅਲਟਰਾ ਸਾਊਂਡ ਕੇਂਦਰਾਂ ਦੀ ਨਿਗਰਾਨੀ ਕਰਨ ਤੇ ਰਿਕਾਰਡ ਦਾ ਰੱਖ-ਰਖਾਅ ਕਰਨ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਉਨ੍ਹਾਂ ਫਾਰਮ ਸਹੀ ਤਰੀਕੇ ਨਾਲ ਭਰਨ ਅਤੇ ਨਿਯਮਾਂ ਅਨੁਸਾਰ ਡਿਸਪਲੇ ਬੋਰਡ ਲਗਾਉਣ ਸੰਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਗੈਰ-ਕਾਨੂੰਨੀ ਲਿੰਗ ਜਾਂਚ ’ਤੇ ਪੂਰੀ ਪਾਬੰਦੀ ਹੈ ਤੇ ਪੀਸੀਪੀਐੱਨਡੀਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਲਿੰਗ ਅਨੁਪਾਤ ਸੁਧਾਰਨਾ ਸਿਹਤ ਵਿਭਾਗ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਚਾਨਕ ਜਾਂਚਾਂ ਜਾਰੀ ਰਹਿਣਗੀਆਂ ਅਤੇ ਜੇਕਰ ਕਿਸੇ ਕੇਂਦਰ ਵੱਲੋਂ ਕਾਨੂੰਨ ਦੀ ਉਲੰਘਣਾ ਕੀਤੀ ਗਈ ਤਾਂ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਵਿਚ ਜਾਗਰੂਕਤਾ ਸਰਗਰਮੀਆਂ ਨੂੰ ਵਧਾਉਣ ਤਾਂ ਜੋ ਸਮਾਜ ਵਿਚ ਭਰੂਣ ਹੱਤਿਆ ਵਿਰੁੱਧ ਸਕਾਰਾਤਮਕ ਸੋਚ ਵਿਕਸਿਤ ਹੋ ਸਕੇ।
ਉਨ੍ਹਾਂ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਲਾਗੂ ਕਰਨਾ ਸਮੇਂ ਦੀ ਲੋੜ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਸਾਰੇ ਰਜਿਸਟਰਡ ਕੇਂਦਰਾਂ ਦੇ ਰਿਕਾਰਡਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਰਿਪੋਰਟਿੰਗ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ੱਕੀ ਸਰਗਰਮੀਆਂ ਸਬੰਧੀ ਮਿਲਣ ਵਾਲੀ ਕਿਸੇ ਵੀ ਜਾਣਕਾਰੀ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਾਨੂੰਨੀ ਪ੍ਰਾਵਧਾਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਕਾਨੂੰਨ ਦੀ ਪਾਲਣਾ ਲਈ ਪੂਰੀ ਵਚਨਬੱਧਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਕੇਂਦਰ ਨਿਯਮਾਂ ਅਨੁਸਾਰ ਕੰਮ ਕਰੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਸਿਰਫ਼ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜਿਕ ਫ਼ਰਜ਼ ਵੀ ਹੈ। ਮੀਟਿੰਗ ’ਚ ਹਾਜ਼ਰ ਮੈਂਬਰਾਂ ਵੱਲੋਂ ਆਪਣੇ ਸੁਝਾਅ ਵੀ ਪੇਸ਼ ਕੀਤੇ ਗਏ ਅਤੇ ਐਕਟ ਦੀ ਪ੍ਰਭਾਵਸ਼ਾਲੀ ਲਾਗੂ ਅਤੇ ਲਈ ਸਾਂਝੀ ਰਣਨੀਤੀ ’ਤੇ ਵਿਚਾਰ ਕੀਤਾ। ਅਖੀਰ ਵਿਚ ਸਿਵਲ ਸਰਜਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਖ਼ਤ ਨਿਗਰਾਨੀ ਅਤੇ ਸਮੂਹਿਕ ਕੋਸ਼ਿਸ਼ਾਂ ਨਾਲ ਹੀ ਜ਼ਿਲ੍ਹੇ ਵਿਚ ਲਿੰਗ ਅਨੁਪਾਤ ਸੁਧਾਰਿਆ ਜਾ ਸਕਦਾ ਹੈ ਅਤੇ ਸਮਾਜ ਵਿਚ ਲੜਕੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਮਜ਼ਬੂਤ ਹੋਵੇਗੀ। ਇਸ ਮੌਕੇ ਤੇਜਵੀਰ ਸਿੰਘ, ਡਾ. ਵਿਕਰਮ ਅਦਿੱਤਿਆ ਆਈਐੱਮਏ ਨਵਾਂਸ਼ਹਿਰ, ਡਾ. ਮੋਨਿਕਾ ਜੈਨ, ਰਤਨ ਜੈਨ, ਬੀਰਬਲ ਤੱਖੀ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।