ਸਿਹਤ ਪ੍ਰੋਗਰਾਮਾਂ ਨੂੰ ਲੈ ਕੇ ਮਹੀਨਾਵਾਰ ਸਮੀਖਿਆ ਮੀਟਿੰਗ ਕਰਵਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਲੈਣ ਸੰਬੰਧੀ ਮਹੀਨਾਵਾਰ ਸਮੀਖਿਆ ਮੀਟਿੰਗ ਕਰਵਾਈ
Publish Date: Tue, 01 Sep 2026 07:28 PM (IST)
Updated Date: Tue, 01 Sep 2026 07:31 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਮੈਡੀਕਲ ਅਫ਼ਸਰਾਂ, ਮਪਹਸ (ਮੇਲ/ਫੀਮੇਲ), ਸੀਐੱਚਓਜ਼ ਅਤੇ ਮਪਹਵ (ਮੇਲ/ਫੀਮੇਲ) ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਜਿਸ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਧੀਨ ਹੋ ਰਹੀਆਂ ਸਰਗਰਮੀਆਂ, ਟੀਚਿਆਂ ਦੀ ਪ੍ਰਾਪਤੀ, ਫੀਲਡ ਪੱਧਰ ’ਤੇ ਸੇਵਾਵਾਂ ਦੀ ਸਥਿਤੀ ਅਤੇ ਰਿਪੋਰਟਿੰਗ ਦੀ ਸਮੀਖਿਆ ਕੀਤੀ। ਐੱਸਐੱਮਓ ਡਾ. ਸਤਿੰਦਰਜੀਤ ਕੌਰ ਨੇ ਸਿਹਤ ਵਿਭਾਗ ਦੇ ਸਮੂਹ ਸਟਾਫ ਨੂੰ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਲੋਕ-ਪੱਖੀ ਅਤੇ ਨਤੀਜਾਮੁਖੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਮੂਹ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰਾਂ ਵਿਚ ਸਿਹਤ ਪ੍ਰੋਗਰਾਮਾਂ ਦੀ ਨਿਰੰਤਰ ਨਿਗਰਾਨੀ ਕਰਦਿਆਂ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਆਰੋਗਿਆ ਕੇਂਦਰਾਂ ਰਾਹੀਂ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਪਰਿਵਾਰ ਨਿਯੋਜਨ, ਗੈਰ-ਸੰਚਾਰੀ ਬਿਮਾਰੀਆਂ ਦੀ ਸਕ੍ਰੀਨਿੰਗ ਅਤੇ ਜਲਦੀ ਪਛਾਣ ਵਰਗੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਆਯੁਸ਼ਮਾਨ ਆਰੋਗਿਆ ਕੇਂਦਰਾਂ ਦਾ ਉਦੇਸ਼ ਲੋਕਾਂ ਦੇ ਨੇੜੇ ਮੁਫ਼ਤ ਅਤੇ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ। ਇਸ ਦੇ ਨਾਲ ਹੀ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਸ਼ੱਕੀ ਮਰੀਜ਼ਾਂ ਦੀ ਪਛਾਣ, ਜਾਂਚ ਅਤੇ ਇਲਾਜ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਨਿਕਸ਼ੇ ਰਾਹੀਂ ਮਰੀਜ਼ਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਯੂਵਿਨ ਪਲੇਟ ਫਾਰਮ ਰਾਹੀਂ ਟੀਕਾਕਰਨ ਸੇਵਾਵਾਂ ਦੀ ਡਿਜ਼ੀਟਲ ਟ੍ਰੈਕਿੰਗ, ਨਿਯਮਿਤ ਟੀਕਾਕਰਨ ਅਤੇ ਯੋਗ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਕਵਰੇਜ ’ਤੇ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ, ਮੌਸਮੀ ਬਿਮਾਰੀਆਂ ਦੀ ਨਿਗਰਾਨੀ, ਸਿਹਤ ਜਾਗਰੂਕਤਾ ਸਰਗਰਮੀਆਂ ਅਤੇ ਫੀਲਡ ਸਰਵੇਖਣਾਂ ਨੂੰ ਲਗਾਤਾਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ। ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲੈਂਦਿਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਾਜਵਿੰਦਰ ਕੌਰ, ਡਾ. ਰਣਜੀਤ ਹਰੀਸ਼, ਡਾ. ਗਗਨਦੀਪ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।