- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਪੇ-ਅਧਿਆਪਕ ਮੀਟਿੰਗ ਕਰਵਾਈ ਕਰਵਾਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇ ਆਰੀਆ ਕਾਲਜ ਵਿਖੇ ਮਾਪੇ-ਅਧਿਆਪਕ ਮੀਟਿੰਗ ਕਰਵਾਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ਦੀ ਪੜ੍ਹਾਈ, ਅਕਾਦਮਿਕ ਪ੍ਰਦਰਸ਼ਨ, ਹਾਜ਼ਰੀ, ਕਲਾਸ ਵਿਚ ਭਾਗੀਦਾਰੀ ਅਤੇ ਅਨੁਸ਼ਾਸਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀਆਂ ਪੜ੍ਹਾਈ ਸਬੰਧੀ ਪ੍ਰਾਪਤੀਆਂ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਦੀ ਰੋਜ਼ਾਨਾ ਦੀ ਪੜ੍ਹਾਈ, ਸਮੇਂ ਦੀ ਪਾਬੰਦੀ ਅਤੇ ਕਾਲਜ ਵਿਚ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਵਿਚ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਮਾਪਿਆਂ ਦਾ ਸਹਿਯੋਗ ਅਤੇ ਉਤਸ਼ਾਹ ਵੀ ਅਹਿਮ ਭੂਮਿਕਾਂ ਨਿਭਾਉਂਦਾ ਹੈ।।ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਅਧਿਆਪਕਾਂ ਨੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਮਾਪਿਆਂ ਨੇ ਵੀ ਆਪਣੇ ਵਿਚਾਰ ਅਤੇ ਕੀਮਤੀ ਸੁਝਾਅ ਸਾਂਝੇ ਕੀਤੇ। ਉਨ੍ਹਾਂ ਨੇ ਕਾਲਜ ਵੱਲੋਂ ਵਿਦਿਆਰਥੀਆਂ ਦੀ ਬਿਹਤਰੀ ਅਤੇ ਉੱਜਵਲ ਭਵਿੱਖ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮਾਪਿਆਂ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਕਾਲਜ ਦੀਆਂ ਗਤੀਵਿਧੀਆਂ ਬਾਰੇ ਸਿੱਧੇ ਤੌਰ ਤੇ ਜਾਣਕਾਰੀ ਪ੍ਰਾਪਤ ਹੁੰਦੀ ਹੈ। ਪ੍ਰਿੰ. ਡਾ. ਪੁਨੀਤ ਅਨੇਜਾ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਨਾਗਰਿਕ, ਜ਼ਿੰਮੇਵਾਰ ਇਨਸਾਨ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਵਿਅਕਤੀ ਬਣਾਉਣਾ ਵੀ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਨਿਰੰਤਰ ਸੰਪਰਕ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਅੰਤ ਵਿਚ ਡੀਨ ਅਕੈਡਮਿਕ ਡਾ. ਵਿਨੈ ਸੋਫ਼ਤ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਮੂਹ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਹ ਮਾਪੇ-ਅਧਿਆਪਕ ਮੀਟਿੰਗ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਈ।