ਨਸ਼ਾ ਕਰਨ ਵਾਲਾ ਵਿਅਕਤੀ ਮੌਤ ਨੂੰ ਅਗੇਤਾ ਸੱਦਾ ਦਿੰਦਾ ਹੈ : ਚਮਨ ਸਿੰਘ
ਨਸ਼ਾ ਕਰਨ ਵਾਲਾ ਵਿਅਕਤੀ ਮੌਤ ਨੂੰ ਅਗੇਤਾ ਸੱਦਾ ਦਿੰਦਾ ਹੈ-ਚਮਨ ਸਿੰਘ
Publish Date: Mon, 19 Jan 2026 07:25 PM (IST)
Updated Date: Tue, 20 Jan 2026 04:16 AM (IST)

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਰਟਾ ਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਦੀ ਪ੍ਰਧਾਨਗੀ ਕੁਲਵਿੰਦਰ ਕੌਰ ਸਕੂਲ ਇੰਚਾਰਜ ਨੇ ਕੀਤੀ। ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਦੇ ਬਾਨੀ ਸਰ ਹੈਨਰੀ ਡਿਊਨਾ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ ਅਤੇ ਪੰਜਾਬ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ ਵਿਚ ਬਿਨਾਂ ਕਿਸੇ ਭੇਦ ਭਾਵ ਤੋਂ ਸਮਾਜ ਕਲਿਆਣ ਦਾ ਕੰਮ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਂਦੇ ਹਨ। ਜਿਸ ਨੂੰ ਬਾਅਦ ਵਿਚ ਛੱਡਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਵਿਦਿਆਰਥੀਆਂ ਨੂੰ ਆਪਣੀ ਮੰਜਿਲ ਤੇ ਪੰਹੁਚਣ ਲਈ ਸਖਤ ਮਿਹਨਤ ਕਰਨ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ ਨਾ ਕਿ ਕਿਸੇ ਗਲਤ ਰਸਤੇ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਚੰਗੇ ਭਵਿੱਖ ਲਈ ਕਾਲਜਾਂ, ਯੂਨੀਵਰਸਿਟੀਆਂ ਵਿਚ ਜਾ ਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਤੁਸੀਂ ਕਦੇ ਵੀ ਕਿਸੇ ਦੇ ਬਹਿਕਾਵੇ ਵਿਚ ਆ ਕੇ ਨਸ਼ੀਲੀ ਵਸਤੂ ਦਾ ਸੇਵਨ ਨਹੀਂ ਕਰਨਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਨਸ਼ਾ ਮੁਕਤ ਕਰੀਏ, ਤਾਂ ਹੀ ਅਸੀਂ ਆਪਣੇ ਪਿੰਡ ਨੂੰ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੇ ਹਾਂ। ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ। ਇਸ ਮੌਕੇ ਦਿਲਬਾਗ ਸਿੰਘ ਅਧਿਆਪਕ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜ਼ਿੰਦਗੀ ਵਿਚ ਅਮਲ ਵਿਚ ਲਿਆਉਣਾ ਚਾਹੀਦਾ ਹੈ। ਤਾਂ ਜੋ ਅਸੀਂ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ। ਇਸ ਮੌਕੇ ਸਮੂਹ ਸਟਾਫ ਮੈਂਬਰਾਨ ਗੁਰਦੀਪ ਸਿੰਘ, ਫਤਿਹ ਸਿੰਘ, ਬਲਜੀਤ ਕੁਮਾਰ, ਗੁਰਪ੍ਰੀਤ ਸਿੰਘ, ਪਵਨ ਕੁਮਾਰ, ਦਿਲਪ੍ਰੀਤ ਅਤੇ ਵਿਦਿਆਰਥੀ ਹਾਜ਼ਰ ਸਨ।