- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਸੰਬੰਧੀ ਰਿਹਰਸਲ ਕੀਤੀ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਈਟੀਆਈ ਗਰਾਊਂਡ ਵਿਖੇ ਰਿਹਰਸਲ ਕਰਵਾਈ ਗਈ।।ਜਿਸ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਅਤੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਜਾਇਜ਼ਾ ਲਿਆ। ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕਰਕੇ ਢੁੱਕਵੇਂ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਾਲ ਐੱਸਡੀਐਮ ਅਨਮਜਯੋਤ ਕੌਰ ਵੀ ਸਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 15 ਅਗਸਤ ਨੂੰ ਆਈਟੀਆਈ ਗਰਾਊਂਡ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਹਰਸਲ ਦੌਰਾਨ ਪੰਜਾਬ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਦੀ ਰਿਹਰਸਲ ਕੀਤੀ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਤ ਪੇਸ਼ਕਾਰੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਰਿਹਰਸਲ ਕੀਤੀ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਰਿਹਰਸਲਾਂ ਦਾ ਸਿਲਸਿਲਾ ਜਾਰੀ ਰਹੇਗਾ ਅਤੇ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜਾਇਜ਼ਾ ਲਿਆ ਜਾਵੇਗਾ ਅਤੇ ਸਮਾਗਮ ਨਾਲ ਸੰਬੰਧਤ ਸਾਰੀਆਂ ਗਤੀਵਿਧੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਮੀਟਿੰਗ ਦੌਰਾਨ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।