ਭਾਰਤ ਦੀ ਵੰਡ ਤੇ ਭਾਰਤੀ ਸਿਨੇਮਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਭਾਰਤ ਦੀ ਵੰਡ ਅਤੇ ਭਾਰਤੀ ਸਿਨੇਮਾ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ
Publish Date: Wed, 19 Aug 2026 03:44 PM (IST)
Updated Date: Wed, 19 Aug 2026 03:45 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਐੱਨਐੱਸਐੱਸ ਯੂਨਿਟ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਵੱਲੋਂ ‘ਭਾਰਤ ਦੀ ਵੰਡ ਅਤੇ ਭਾਰਤੀ ਸਿਨੇਮਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ। ਇਸ ਦੌਰਾਨ ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੇ ਇਤਿਹਾਸ ਵਿਭਾਗ ਦੇ ਐਸੋਸੀਏਟ ਪ੍ਰੋ. ਡਾ. ਰਾਕੇਸ਼ ਬਾਵਾ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੀ ਵੰਡ ਦੇ ਇਤਿਹਾਸਕ ਪਿਛੋਕੜ, ਵੰਡ ਨਾਲ ਜੁੜੀਆਂ ਘਟਨਾਵਾਂ, ਉਸ ਸਮੇਂ ਲੋਕਾਂ ਵੱਲੋਂ ਹੰਢਾਏ ਗਏ ਦੁੱਖ-ਦਰਦ, ਉਜਾੜੇ ਅਤੇ ਪਰਵਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 1947 ਦੀ ਵੰਡ ਭਾਰਤੀ ਇਤਿਹਾਸ ਦੀ ਇੱਕ ਬਹੁਤ ਹੀ ਮਹੱਤਵ ਪੂਰਨ ਅਤੇ ਦਰਦਨਾਕ ਘਟਨਾ ਸੀ, ਜਿਸ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਭਾਰਤੀ ਸਿਨੇਮਾ ਵਿਚ ਵੰਡ ਦੇ ਦੁਖਾਂਤ ਦੀ ਪੇਸ਼ਕਾਰੀ ਬਾਰੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਫ਼ਿਲਮਾਂ ਨੇ ਵੰਡ ਨਾਲ ਸੰਬੰਧਤ ਇਤਿਹਾਸਕ ਘਟਨਾਵਾਂ, ਮਨੁੱਖੀ ਸੰਵੇਦਨਾਵਾਂ, ਵਿਛੋੜੇ ਅਤੇ ਸਮਾਜਿਕ ਪ੍ਰਭਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਮਹੱਤਵ ਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਤਿਹਾਸਕ ਘਟਨਾਵਾਂ ਨੂੰ ਵੱਖ-ਵੱਖ ਸਰੋਤਾਂ ਰਾਹੀਂ ਸਮਝਣ ਅਤੇ ਇਤਿਹਾਸ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਬੜੀ ਰੁਚੀ ਨਾਲ ਵਿਚਾਰ ਸੁਣੇ ਅਤੇ ਵਿਸ਼ੇ ਨਾਲ ਸਬੰਧਿਤ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਡਾ. ਰਾਕੇਸ਼ ਬਾਵਾ ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤੇ। ਡਾ. ਗੁਲਬਹਾਰ ਸਿੰਘ ਨੇ ਡਾ. ਰਾਕੇਸ਼ ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ ਘਟਨਾਵਾਂ ਨੂੰ ਸਮਾਜਿਕ ਅਤੇ ਸੱਭਿਆਚਾਰਕ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਪ੍ਰਿੰ. ਡਾ. ਰਣਜੀਤ ਸਿੰਘ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਪਾਠਕ੍ਰਮ ਤੱਕ ਸੀਮਤ ਗਿਆਨ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਸਮਾਜਿਕ ਸਰੋਕਾਰਾਂ ਨਾਲ ਜੋੜਨਾ ਵੀ ਹੈ। ਉਨ੍ਹਾਂ ਐੱਨਐੱਸਐੱਸ ਯੂਨਿਟ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।