ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ : ਸਿਹਤ ਮੰਤਰੀ ਪੰਜਾਬ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ-ਸਿਹਤ ਮੰਤਰੀ ਪੰਜਾਬ
Publish Date: Wed, 14 Oct 2026 07:08 PM (IST)
Updated Date: Wed, 14 Oct 2026 07:09 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ 154 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰ ਕੇ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਉਹ ਅੱਜ ਆਪਣੇ ਜੱਦੀ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੀ ਜ਼ਿੰਦਗੀ ਵਿਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ ਅਤੇ ਹੁਣ ਔਰਤਾਂ, ਬਜ਼ੁਰਗਾਂ, ਬੱਚਿਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਇਸ ਕਲੀਨਿਕ ਨੂੰ ਆਪਣੇ ਪੂਜਨੀਕ ਪਿਤਾ ਸ. ਪਿਆਰਾ ਸਿੰਘ ਅਤੇ ਮਾਤਾ ਦਲਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਇੱਕ ਅਹਿਮ ਪਹਿਲ ਹੈ, ਜਿਸ ਦਾ ਉਦੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਡਾਕਟਰੀ ਸਲਾਹ, ਮੁਫ਼ਤ ਦਵਾਈਆਂ ਅਤੇ ਜ਼ਰੂਰੀ ਜਾਂਚ ਸਹੂਲਤਾਂ ਮਿਲ ਰਹੀਆਂ ਹਨ। ਇਸ ਨਾਲ ਖ਼ਾਸ ਕਰ ਕੇ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਹੋਰ ਬਿਹਤਰ ਹੋਈ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮਰੀਜ਼ਾਂ ਨੂੰ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਲਈ ਮੁਫ਼ਤ ਸਕੈਨਿੰਗ ਅਤੇ ਲੋੜ ਅਨੁਸਾਰ ਐਂਟੀ-ਰੇਬੀਜ਼ ਵੈਕਸੀਨ ਦੀ ਸਹੂਲਤ ਵੀ ਉਪਲਬਧ ਹੈ। ਇਨ੍ਹਾਂ ਸੇਵਾਵਾਂ ਦਾ ਮੁੱਖ ਉਦੇਸ਼ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ, ਢੁੱਕਵਾਂ ਇਲਾਜ ਮੁਹੱਈਆ ਕਰਵਾਉਣਾ ਅਤੇ ਬਿਮਾਰੀਆਂ ਦੀ ਰੋਕਥਾਮ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਸਥਿਤ ਹਸਪਤਾਲਾਂ ਵਿਚ ਜਾਣ ਦੀ ਲੋੜ ਘਟੇਗੀ। ਇਸ ਨਾਲ ਲੋਕਾਂ ਦਾ ਸਮਾਂ ਅਤੇ ਆਵਾਜਾਈ ’ਤੇ ਹੋਣ ਵਾਲਾ ਖ਼ਰਚ ਬਚੇਗਾ ਅਤੇ ਇਲਾਜ ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਮੁੱਢਲੇ ਪੱਧਰ ’ਤੇ ਸਿਹਤ ਸਹੂਲਤਾਂ ਦੀ ਉਪਲਬਧਤਾ ਲੋਕਾਂ ਨੂੰ ਸਮੇਂ ਸਿਰ ਡਾਕਟਰੀ ਸਲਾਹ ਅਤੇ ਲੋੜੀਂਦਾ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਉਂਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਢਲੀਆਂ ਸਿਹਤ ਸੇਵਾਵਾਂ ਤੋਂ ਲੈ ਕੇ ਹਸਪਤਾਲਾਂ ਵਿਚ ਇਲਾਜ ਤੱਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਬਦਲਾਅ ਲਿਆ ਰਹੇ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਰੁਪਿੰਦਰਜੀਤ ਸੈਣੀ, ਸਿਵਲ ਸਰਜਨ ਡਾ. ਅਮਨ ਸੂਦ, ਐੱਸਡੀਐੱਮ ਅਨਮਜੋਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਪਿੰਡ ਵਾਸੀ ਮੌਜੂਦ ਸਨ।