ਆਪ ਸਰਕਾਰ ਦੀ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਿੰਦਣਯੋਗ : ਸੋਨੂੰ ਭਾਟੀਆ
ਆਪ ਸਰਕਾਰ ਦੀ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਿੰਦਣਯੋਗ ਸੋਨੂੰ ਭਾਟੀਆ
Publish Date: Sun, 30 Aug 2026 03:50 PM (IST)
Updated Date: Sun, 30 Aug 2026 03:52 PM (IST)
- ਸ਼ੋਅ ਕਾਜ਼ ਨੋਟਿਸ ਜਾਰੀ ਕਰਨਾ ਸਰਕਾਰ ਦੀ ਤਾਨਾਸ਼ਾਹੀ ਦਾ ਸਬੂਤ ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : 27 ਅਗਸਤ ਨੂੰ ਡਿਊਟੀ ਤੋਂ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕਰਨ ਦੇ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ’ਤੇ ਭਾਜਪਾ ਆਗੂ ਸੋਨੂੰ ਭਾਟੀਆ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸ਼ੋਅ ਕਾਜ਼ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਸਰਕਾਰ ਦੀ ਤਾਨਾਸ਼ਾਹੀ ਵਾਲੀ ਸੋਚ ਨੂੰ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਗੱਲਬਾਤ ਰਾਹੀਂ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਨੋਟਿਸ ਜਾਰੀ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵਰਗ ਨੂੰ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਹੱਕ ਹੈ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨੂੰ ਡਰਾਉਣ ਜਾਂ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ।