- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਅਤੇ ਅੰਬੇਡਕਰ ਭਵਨ ਰਿਲੀਜੀਅਸ ਟਰੱਸਟ ਅਤੇ ਸਮੂਹ ਧਾਰਮਿਕ, ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਡੀਸੀ ਗੁਲਪ੍ਰੀਤ ਸਿੰਘ ਔਲਖ ਨੂੰ ਸੌਂਪਿਆ ਗਿਆ। ਇਸ ਮੰਗ ਪੱਤਰ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੁਧਿਆਣਾ ਦੇ ਬਾਈਪਾਸ ਵਿਖੇ ਲੱਗੇ ਬਾਬਾ ਸਾਹਿਬ ਦੇ ਬੁੱਤ ਨਾਲ ਜੋ ਬੇਅਦਬੀ ਕੀਤੀ ਹੈ, ਉਹ ਅਤਿ ਨਿੰਦਣਯੋਗ ਹੈ। ਸਮਾਜ ਵਿਚ ਪਾੜਾ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਦੇਸ਼ ਵਿਚ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਦੰਗੇ ਭੜਕਾਉਣ ਦੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਮਾਜ ਵਿਚ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਦੀਆਂ ਕੋਝੀਆਂ ਚਾਲਾਂ ਨੂੰ ਦਰਕਿਨਾਰ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਸ਼ਾਮਲ ਕਥਿਤ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜੋਗ ਰਾਜ, ਅਮਨ ਬਾਲੀ, ਸਤੀਸ਼ ਕੁਮਾਰ, ਰਾਜ ਕੁਮਾਰ, ਪ੍ਰੇਮ ਲਾਲ, ਮਨਜੀਤ ਲਾਲ, ਨਿੱਕੂ ਰਾਮ, ਰਮਨਦੀਪ, ਪਾਲ ਸਿੰਘ, ਸਤਪਾਲ, ਵਿੱਕੀ ਗਿੱਲ ਸਮੇਤ ਹੋਰ ਸਾਥੀ ਹਾਜ਼ਰ ਸਨ।