ਨਸ਼ਿਆਂ ਵਿਰੁੱਧ ਜੰਗ 'ਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ : ਡੀਸੀ ਨਸ਼ਿਆਂ ਵਿਰੁੱਧ ਜੰਗ 'ਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ
Publish Date: Fri, 30 Oct 2026 05:45 PM (IST)
Updated Date: Fri, 30 Oct 2026 05:46 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-ਨਾਲ ਨੌਜਵਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਮਾਜਿਕ ਬੁਰਾਈ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨਿਕ ਯਤਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭੂਮਿਕਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ, ਜਾਗਰੂਕਤਾ ਅਤੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕਿਆਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਆਪਣੇ ਭਵਿੱਖ ਪ੍ਰਤੀ ਸੁਚੇਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਮੀਟਿੰਗਾਂ ਵੀ ਕਰਵਾਈਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਖਾਤਮੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦਾ ਭਰੋਸਾ ਦੇਣਾ ਇੱਕ ਹਾਂ-ਪੱਖੀ ਕਦਮ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨਾ ਸਿਹਤਮੰਦ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਦਾ ਵੱਧ-ਚੜ੍ਹ ਕੇ ਸਾਥ ਦੇਣ।