ਨਸ਼ਾ ਇਕ ਮਾਨਸਿਕ ਬਿਮਾਰੀ ਹੈ : ਡਾ. ਜੇਐੱਸ ਸੰਧੂ
ਨਸ਼ਾ ਇਕ ਮਾਨਸਿਕ ਬਿਮਾਰੀ ਹੈ-ਡਾ. ਜੇਐੱਸ ਸੰਧੂ
Publish Date: Thu, 26 Feb 2026 04:46 PM (IST)
Updated Date: Fri, 27 Feb 2026 04:04 AM (IST)

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੰਦਪੁਰ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਾਲਜ ਕੈਂਪਸ ਵਿਚ ਪ੍ਰਿੰ. ਪ੍ਰੋ. ਮਨਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਸੰਬੰਧੀ ਜਾਗਰੂਕ ਸੈਮੀਨਾਰ ਕਰਵਾਇਆ। ਜਿਸ ਦੌਰਾਨ ਸੰਧੂ ਹਸਪਤਾਲ ਨਵਾਂਸ਼ਹਿਰ ਤੋਂ ਦਿਮਾਗੀ ਰੋਗਾਂ ਦੇ ਮਾਹਿਰ ਡਾ. ਜੇਐੱਸ ਸੰਧੂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਇਕ ਮਾਨਸਿਕ ਬਿਮਾਰੀ ਹੈ। ਨਸ਼ਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮਾਜਿਕ ਸਮੱਸਿਆ ਬਣ ਚੁੱਕੀ ਹੈ, ਜੋ ਇਕ ਵਿਅਕਤੀ ਨੂੰ ਹੀ ਨਹੀਂ, ਸਗੋਂ ਉਸਦੇ ਪਰਿਵਾਰ, ਸਮਾਜ ਅਤੇ ਦੇਸ਼ ਦੇ ਭਵਿੱਖ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਵੱਖ-ਵੱਖ ਨਸ਼ਿਆਂ ਉੱਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਨਸ਼ਿਆਂ ਨਾਲ ਨੌਜਵਾਨਾਂ ਵਿਚ ਸਰੀਰਕ ਤੇ ਮਾਨਸਿਕ ਬਦਲਾਵ ਆਉਂਦਾ ਹੈ। ਉਨ੍ਹਾਂ ਦੱਸਿਆ ਕਿ। ਨਸ਼ੇ ਨਾਲ ਦਿਮਾਗੀ ਬਿਮਾਰੀਆਂ, ਦਿਲ ਦੇ ਰੋਗ, ਜਿਗਰ ਦੀਆਂ ਬਿਮਾਰੀਆਂ, ਕਮਜ਼ੋਰੀ ਅਤੇ ਡਿਪ੍ਰੈਸ਼ਨ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਤੇ ਨਸ਼ਾ ਕਰਨ ਵਾਲਾ ਵਿਅਕਤੀ ਆਪਣੀ ਪੜ੍ਹਾਈ, ਨੌਕਰੀ ਅਤੇ ਜੀਵਨ ਦੇ ਮਕਸਦ ਤੋਂ ਭਟਕ ਜਾਂਦਾ ਹੈ ਅਤੇ ਕਈ ਵਾਰ ਤਾਂ ਅਪਰਾਧ ਵੱਲ ਵੀ ਮੁੜ ਜਾਂਦਾ ਹੈ। ਉਨ੍ਹਾਂ ਪ੍ਰਾਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਵਿਚ ਨਸ਼ੇ ਦੇ ਲੱਛਣਾਂ ਨੂੰ ਪਛਾਣਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ, ਸਿੱਖਿਆ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜ ਸੇਵਾ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਨ। ਉਨ੍ਹਾਂ ਪ੍ਰਾਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਤੇ ਉਨ੍ਹਾਂ ਦੀ ਨਿਗਰਾਨੀ ਰੱਖਣ। ਉਨ੍ਹਾਂ ਸਕੂਲਾਂ ਤੇ ਕਾਲਜਾਂ ਵਿਚ ਨਸ਼ਿਆਂ ਸੰਬੰਧੀ ਸੈਮੀਨਾਰ ਕਰਵਾਉਣ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ। ਅੰਤ ਵਿਚ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਜਿੱਤਣ ਲਈ ਸਮਾਜ, ਸਰਕਾਰ, ਸਿੱਖਿਆ ਸੰਸਥਾਵਾਂ ਅਤੇ ਹਰ ਨਾਗਰਿਕ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਅਮਰਦੀਪ ਸਕੂਲ ਦੀ ਪ੍ਰਿੰ. ਪਰਮਜੀਤ ਕੌਰ ਨੇ ਡਾ. ਜੇਐਸ ਸੰਧੂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਦੇ ਸਮੇਂ ਦੀ ਗੁੰਝਲਦਾਰ ਸਮੱਸਿਆ ਦਾ ਮੁੱਦਾ ਚੁੱਕਿਆ ਹੈ। ਕਾਲਜ ਪ੍ਰਬੰਧਕਾਂ ਵੱਲੋਂ ਡਾ. ਜੇਐਸ ਸੰਧੂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਨਿਰਦੋਸ਼ ਕੌਰ ਸਨ। ਪੀਟੀਏ ਵਾਈਸ ਅੰਤ ਵਿਚ ਚੈਅਰਮੈਨ ਸੁਰਿੰਦਰ ਸਿੰਘ ਢੀਂਡਸਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।