
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਕੂਲਾਂ, ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ ਕਰਵਾਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸੂਬੇ ’ਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ-2026) ਤਹਿਤ ਜ਼ਿਲ੍ਹੇ ਅੰਦਰ ਵਿੱਦਿਅਕ ਸੰਸਥਾਵਾਂ ਦੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿੱਦਿਅਕ ਸੰਸਥਾਵਾਂ ਵਿਚ ਵਿਸ਼ੇਸ਼ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਿੰਸੀਪਲਾਂ/ਮੁਖੀਆਂ ਤੇ ਪ੍ਰਤੀਨਿਧਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਿੰਸੀਪਲਾਂ/ਮੁਖੀਆਂ ਤੇ ਪ੍ਰਤੀਨਿਧਾਂ ਨੂੰ ਹਦਾਇਤ ਕੀਤੀ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 1 ਅਕਤੂਬਰ, 2026 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਕੋਈ ਵੀ ਯੋਗ ਵਿਅਕਤੀ ਦਾਅਵੇ/ਇਤਰਾਜ਼ ਦੇ ਪੜਾਅ ਦੌਰਾਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਫਾਰਮ-6 ਭਰ ਕੇ ਵੋਟਰ ਵਜੋਂ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਹਰੇਕ ਸਕੂਲ, ਕਾਲਜ ਅਤੇ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸਾਂ ਵਿਚ ਬਹੁ-ਦਿਨੀਂ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ ਤਾਂ ਜੋ ਯੋਗ ਵਿਦਿਆਰਥੀ ਐੱਸਆਈਆਰ-2026 ਤਹਿਤ ਦਾਅਵੇ/ਇਤਰਾਜ਼ਾਂ ਦੀ ਮਿਆਦ 13 ਅਗਸਤ 2026 ਤੋਂ 12 ਸਤੰਬਰ 2026 ਦੌਰਾਨ ਫਾਰਮ-6 ਰਾਹੀਂ ਵੋਟਰ ਰਜਿਸਟ੍ਰੇਸ਼ਨ ਲਈ ਆਪਣੀ ਅਰਜੀ ਜਮ੍ਹਾਂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਵੋਟਰ ਰਜਿਸਟ੍ਰੇਸ਼ਨ ਅਤੇ ਚੋਣ ਪ੍ਰਕਿਰਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਚੈਨਲਾਂ, ਸੰਸਥਾਗਤ ਪੋਰਟਲਾਂ, ਕੈਂਪਸ ਰੇਡੀਓ, ਡਿਜੀਟਲ ਪੋਸਟਰਾਂ ਅਤੇ ਇੰਟਰ ਐਕਟਿਵ ਜਾਗਰੂਕਤਾ ਸੈਸ਼ਨਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਹਰੇਕ ਯੋਗ ਵਿਦਿਆਰਥੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀ/ਜ਼ਿੰਮੇਵਾਰ ਸਟਾਫ ਨਿਯੁਕਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਫਾਰਮ-6 ਆਨਲਾਈਨ ਵੋਟਰ ਰਜਿਸਟ੍ਰੇਸ਼ਨ ਪੋਰਟਲ voters.eci.gov.in ਜਾਂ Voter 8elpline 1pp ਰਾਹੀਂ ਵੀ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸੰਬੰਧਤ ਸਟਾਫ ਦੀ ਡਿਊਟੀ ਲਗਾਈ ਜਾਵੇ, ਤਾਂ ਜੋ ਕੈਂਪ ਦੌਰਾਨ ਹੀ ਫਾਰਮ-6 ਦੀਆਂ ਅਰਜ਼ੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਤਸਦੀਕ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਨੂੰ ਵੱਧ ਤੋਂ ਵੱਧ ਪ੍ਰਭਾਵਸ਼ਾਲੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਵੋਟਰ ਵਜੋਂ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦਾ ਉਦੇਸ਼ ਹੈ ਕਿ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਕੇ ਉਸ ਦੇ ਮੱਤਦਾਨ ਦੇ ਅਧਿਕਾਰ ਨੂੰ ਮਜ਼ਬੂਤ ਅਤੇ ਸੁਗਮ ਬਣਾਇਆ ਜਾਵੇ। ਇਸ ਲਈ ਉਨ੍ਹਾਂ ਸਾਰੇ ਵਿਦਿਅਕ ਅਦਾਰਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ।