ਮੀਂਹ ਦੇ ਮੱਦੇਨਜ਼ਰ ਝੋਨੇ ਦੀ ਸੁਰੱਖਿਆ ਲਈ ਮੰਡੀਆਂ ’ਚ ਪੁਖ਼ਤਾ ਪ੍ਰਬੰਧ : ਡੀਸੀ ਮੀਂਹ ਦੇ ਮੱਦੇਨਜ਼ਰ ਝੋਨੇ ਦੀ ਸੁਰੱਖਿਆ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ-ਡੀਸੀ
Publish Date: Sun, 11 Oct 2026 07:09 PM (IST)
Updated Date: Sun, 11 Oct 2026 07:11 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਿਤ ਅਧਿਕਾਰੀਆਂ ਨੂੰ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਨਿਯਮਿਤ ਤੌਰ ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖੁੱਲ੍ਹੇ ਵਿੱਚ ਪਏ ਝੋਨੇ ਦੇ ਢੇਰਾਂ ਅਤੇ ਬੋਰੀਆਂ ਵਿੱਚ ਭਰੇ ਝੋਨੇ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਪੁੱਜੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਜਮ੍ਹਾਂ ਮੀਂਹ ਦੇ ਪਾਣੀ ਦੀ ਨਿਕਾਸੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਨੂੰ ਸੁਰੱਖਿਅਤ ਰੱਖਣਾ ਅਤੇ ਮੰਡੀਆਂ ਵਿਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ, ਤਾਂ ਜੋ ਨਮੀ ਕਾਰਨ ਖਰੀਦ ਵਿੱਚ ਦੇਰੀ ਜਾਂ ਕਿਸੇ ਹੋਰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਸਬੰਧੀ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੰਬਾਈਨ ਮਸ਼ੀਨਾਂ ਤੇ ਸੁਪਰ ਐਸ.ਐਮ.ਐਸ. ਚਾਲੂ ਹਾਲਤ ਵਿੱਚ ਰੱਖਣਾ ਲਾਜ਼ਮੀ ਹੈ। ਸੁਪਰ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਵਿੱਚ 15 ਨਵੰਬਰ 2026 ਤੱਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ਤੇ ਵੀ ਰੋਕ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਟਾਈ ਕਰਨ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਦੌਰਾਨ ਪਰੇਸ਼ਾਨੀ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਖਰੀਦ ਪ੍ਰਬੰਧ, ਝੋਨੇ ਦੀ ਸੁਰੱਖਿਆ ਅਤੇ ਕੰਬਾਈਨ ਮਸ਼ੀਨਾਂ ਦੇ ਸੰਚਾਲਨ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ।