ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ-ਸਿਵਲ ਸਰਜਨ ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ-ਸਿਵਲ ਸਰਜਨ
Publish Date: Fri, 20 Nov 2026 04:58 PM (IST)
Updated Date: Fri, 20 Nov 2026 05:01 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੋਲੀਓ ਵਰਗੀ ਗੰਭੀਰ ਅਤੇ ਲਾਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹੇ ਵਿਚ 22 ਤੋਂ 24 ਨਵੰਬਰ ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ 57010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਨੂੰ ਸਫ਼ਲ ਬਣਾਉਣ ਲਈ 228 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ ਅਤੇ 456 ਘਰ-ਘਰ ਜਾਣ ਵਾਲੀਆਂ ਟੀਮਾਂ, 15 ਟ੍ਰਾਂਜ਼ਿਟ ਟੀਮਾਂ ਤੇ 7 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁਹਿੰਮ ਦੀ ਨਿਗਰਾਨੀ ਲਈ 46 ਸੁਪਰ ਵਾਈਜ਼ਰ ਨਿਯੁਕਤ ਕੀਤੇ ਗਏ ਹਨ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਪੋਲੀਓ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਹੈ, ਪਰ ਗੁਆਂਢੀ ਦੇਸ਼ਾਂ ਵਿਚ ਪੋਲੀਓ ਵਾਇਰਸ ਦੀ ਮੌਜੂਦਗੀ ਕਾਰਨ ਸਾਨੂੰ ਲਗਾਤਾਰ ਚੌਕਸ ਰਹਿਣ ਦੀ ਲੋੜ ਹੈ। ਪੋਲੀਓ ਦਾ ਕੋਈ ਪੱਕਾ ਇਲਾਜ ਨਹੀਂ ਹੈ, ਇਸ ਲਈ ਟੀਕਾਕਰਨ ਅਤੇ ਪੋਲੀਓ ਰੋਕੂ ਬੂੰਦਾਂ ਰਾਹੀਂ ਬਚਾਅ ਹੀ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ 138015 ਘਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਅਨਾਜ ਮੰਡੀਆਂ, 13 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜ਼ੋਖਮ ਵਾਲੇ ਖੇਤਰਾਂ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਤਾਂ ਜੋ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ-ਝੋਂਪੜੀਆਂ ਅਤੇ ਹੋਰ ਦੂਰ-ਦੁਰਾਡੇ ਇਲਾਕਿਆਂ ਵਿਚ ਰਹਿੰਦੇ ਪਰਿਵਾਰਾਂ ਦੇ ਬੱਚਿਆਂ ਤੱਕ ਵੀ ਪਹੁੰਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਪਹਿਲੇ ਦਿਨ ਪੋਲੀਓ ਬੂਥਾਂ ਤੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਘਰ-ਘਰ ਜਾਣ ਵਾਲੀਆਂ ਟੀਮਾਂ ਬੂਥਾਂ ਤੇ ਆਉਣ ਤੋਂ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ। ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ ਅਤੇ ਇੱਟਾਂ ਦੇ ਭੱਠਿਆਂ ਦੇ ਆਲੇ-ਦੁਆਲੇ ਰਹਿੰਦੇ ਪਰਿਵਾਰਾਂ ਨੂੰ ਕਵਰ ਕਰਨਗੀਆਂ। ਜਦਕਿ ਟ੍ਰਾਂਜ਼ਿਟ ਟੀਮਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਸਾਰੇ ਬੱਚਿਆਂ ਨੂੰ 22 ਤੋਂ 24 ਨਵੰਬਰ ਤੱਕ ਚੱਲਣ ਵਾਲੀ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ। ਤਾਂ ਵੀ ਇਸ ਮੁਹਿੰਮ ਦੌਰਾਨ ਦੁਬਾਰਾ ਬੂੰਦਾਂ ਪਿਲਾਉਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਦੇ ਪਰਿਵਾਰਾਂ ਨੂੰ ਵੀ ਇਸ ਮੁਹਿੰਮ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਅਤੇ ਵਿਸ਼ੇਸ਼ ਤੌਰ ਤੇ ਉੱਚ ਜੋਖਮ ਵਾਲੇ ਖੇਤਰਾਂ ਵਿਚ ਰਹਿੰਦੇ ਬੱਚਿਆਂ ਨੂੰ ਕਵਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।