ਤਿਉਹਾਰਾਂ 'ਚ ਮਠਿਆਈਆਂ ’ਚ ਮਿਲਾਵਟ ਬਰਦਾਸ਼ਤ ਨਹੀਂ : ਡਾ. ਅਮਨ ਸੂਦ ਤਿਉਹਾਰਾਂ 'ਚ ਮਠਿਆਈਆਂ ਵਿਚ ਮਿਲਾਵਟ ਬਰਦਾਸ਼ਤ ਨਹੀਂ-ਸਿਵਲ ਸਰਜਨ ਡਾ. ਅਮਨ ਸੂਦ
Publish Date: Fri, 23 Oct 2026 05:36 PM (IST)
Updated Date: Fri, 23 Oct 2026 05:36 PM (IST)
ਫੂਡ ਸੇਫਟੀ ਅਧਿਕਾਰੀਆਂ ਨੂੰ ਮਠਿਆਈ ਵਿਕਰੇਤਾਵਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੀਆਂ, ਮਿਆਰੀ, ਸੁਰੱਖਿਅਤ ਤੇ ਉੱਚ ਗੁਣਵੱਤਾ ਵਾਲੀਆਂ ਮਠਿਆਈਆਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਕਮਿਸ਼ਨਰ (ਫੂਡ) ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਅਮਨ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿਭਾਗ ਦੀ ਉੱਚ ਪੱਧਰੀ ਟੀਮ ਨੇ ਸ਼ੁੱਕਰਵਾਰ ਨੂੰ ਨਵਾਂਸ਼ਹਿਰ ਦੀਆਂ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਤਿਉਹਾਰਾਂ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਮਠਿਆਈਆਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਅਮਨ ਸੂਦ ਨੇ ਖੁਦ ਜਾਂਚ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਸਿਵਲ ਸਰਜਨ ਖੁਦ ਮੈਦਾਨ ਵਿਚ ਉਤਰੇ ਅਤੇ ਫੂਡ ਸੇਫਟੀ ਟੀਮ ਨਾਲ ਮਿਲ ਕੇ ਰੰਗਦਾਰ ਪੇਠੇ, ਕਲਾਕੰਦ ਸਮੇਤ ਵੱਖ-ਵੱਖ ਰੰਗਦਾਰ ਮਠਿਆਈਆਂ ਦੇ ਸੈਂਪਲ ਭਰੇ। ਇਸ ਕਾਰਵਾਈ ਦਾ ਮਕਸਦ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਖਪਤਕਾਰਾਂ ਨੂੰ ਸੰਭਾਵਿਤ ਮਿਲਾਵਟ ਜਾਂ ਅਸੁਰੱਖਿਅਤ ਖੁਰਾਕ ਤੋਂ ਬਚਾਉਣਾ ਹੈ। ਇਸ ਮੌਕੇ ਸਿਵਲ ਸਰਜਨ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੀ ਮੰਗ ਵਧਣ ਕਾਰਨ ਮਠਿਆਈ ਵਿਕਰੇਤਾਵਾਂ ਨੂੰ ਖਾਧ ਵਸਤਾਂ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਾ. ਅਮਨ ਸੂਦ ਨੇ ਕਿਹਾ ਕਿ ਮਠਿਆਈਆਂ ਵਿਚ ਵਰਤੇ ਜਾਣ ਵਾਲੇ ਰੰਗ, ਸਮੱਗਰੀ ਅਤੇ ਤਿਆਰੀ ਦੀ ਪ੍ਰਕਿਰਿਆ ਖੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਹੋਣੀ ਲਾਜ਼ਮੀ ਹੈ। ਉਨ੍ਹਾਂ ਮਠਿਆਈ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਮਠਿਆਈਆਂ ਵਿਚ ਸਿਰਫ਼ ਖੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਨਿਰਧਾਰਤ ਮਾਤਰਾ ਵਿੱਚ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਠਿਆਈਆਂ ਨੂੰ ਆਕਰਸ਼ਕ ਦਿਖਾਉਣ ਲਈ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਕਰਨਾ ਖਪਤਕਾਰਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਦੁਕਾਨਦਾਰ ਮਠਿਆਈਆਂ ਦੀ ਦਿੱਖ ਦੀ ਬਜਾਏ ਉਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਸੁਰੱਖਿਆ ਨੂੰ ਪਹਿਲ ਦੇਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮਠਿਆਈਆਂ ਤਿਆਰ ਕਰਨ ਅਤੇ ਸਟੋਰ ਕਰਨ ਸਮੇਂ ਸਫ਼ਾਈ ਦੇ ਉੱਚ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਟੀਮ ਵੱਲੋਂ ਭਰੇ ਗਏ ਸੈਂਪਲ ਜਾਂਚ ਲਈ ਸਟੇਟ ਲੈਬਾਰਟਰੀ ਭੇਜੇ ਜਾਣਗੇ ਅਤੇ ਰਿਪੋਰਟਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖੁਰਾਕੀ ਵਸਤਾਂ ਦੀ ਗੁਣਵੱਤਾ ਦੀ ਨਿਗਰਾਨੀ ਲਗਾਤਾਰ ਜਾਰੀ ਰੱਖੀ ਜਾਵੇ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਠਿਆਈਆਂ ਖਰੀਦਣ ਸਮੇਂ ਸਫ਼ਾਈ, ਗੁਣਵੱਤਾ ਅਤੇ ਭਰੋਸੇਯੋਗ ਦੁਕਾਨਦਾਰਾਂ ਨੂੰ ਤਰਜੀਹ ਦੇਣ। ਕਿਸੇ ਵੀ ਖੁਰਾਕੀ ਵਸਤੂ ਦੀ ਗੁਣਵੱਤਾ ਬਾਰੇ ਸ਼ੱਕ ਹੋਣ ਤੇ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ, ਫੂਡ ਸੇਫਟੀ ਅਫਸਰ ਬਿਕਰਮਜੀਤ ਸਿੰਘ, ਫੂਡ ਸੇਫਟੀ ਅਫਸਰ ਦਿਨੇਸ਼ਜੋਤ ਸਿੰਘ ਵਾਲੀਆ ਤੇ ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।