ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ
Publish Date: Tue, 13 Oct 2026 06:26 PM (IST)
Updated Date: Tue, 13 Oct 2026 06:27 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਘਰੇਲੂ ਹਿੰਸਾ ਦੀ ਰੋਕਥਾਮ, ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਅਤੇ ਚਾਈਲਡ ਹੈਲਪਲਾਈਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸਰਗਰਮੀ ਕਰਵਾਈ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਨੇ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇੱਕ ਸੁਰੱਖਿਅਤ, ਸਮਾਨਤਾਪੂਰਨ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਲੋਕਾਂ ਨੂੰ ਘਰੇਲੂ ਹਿੰਸਾ ਦੇ ਵੱਖ-ਵੱਖ ਰੂਪਾਂ, ਇਸ ਤੋਂ ਪੀੜਤ ਔਰਤਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਨੂੰ ਮਿਲਣ ਵਾਲੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਲੋਕਾਂ ਨੂੰ ਅਪੀਲ ਕੀਤੀ ਕਿ ਘਰੇਲੂ ਹਿੰਸਾ ਨਾਲ ਸਬੰਧਿਤ ਕਿਸੇ ਵੀ ਮਾਮਲੇ ਨੂੰ ਅਣਡਿੱਠਾ ਨਾ ਕੀਤਾ ਜਾਵੇ ਅਤੇ ਪੀੜਤ ਔਰਤਾਂ ਨੂੰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਲਈ ਸਬੰਧਿਤ ਵਿਭਾਗਾਂ ਨਾਲ ਸੰਪਰਕ ਕੀਤਾ ਜਾਵੇ। ਇਸ ਦੇ ਨਾਲ ਹੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਸਿੱਖਿਆ, ਸੁਰੱਖਿਆ, ਸਨਮਾਨ ਅਤੇ ਸਮਾਨ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਲੋਕਾਂ ਨੂੰ ਧੀਆਂ ਅਤੇ ਪੁੱਤਰਾਂ ਨੂੰ ਬਰਾਬਰ ਮੌਕੇ ਦੇਣ ਅਤੇ ਸਮਾਜ ਵਿਚ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚਾਈਲਡ ਹੈਲਪਲਾਈਨ 1098 ਬਾਰੇ ਵੀ ਜਾਣਕਾਰੀ ਦਿੱਤੀ। ਲੋਕਾਂ ਨੂੰ ਦੱਸਿਆ ਕਿ ਸੰਕਟ ਵਿਚ ਫਸੇ, ਲਾਵਾਰਸ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਸੋਸ਼ਣ ਦਾ ਸਾਹਮਣਾ ਕਰ ਰਹੇ ਬੱਚਿਆਂ ਦੀ ਸਹਾਇਤਾ ਲਈ ਚਾਈਲਡ ਹੈਲਪਲਾਈਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਜਾਗਰੂਕਤਾ ਸਰਗਰਮੀ ਦੌਰਾਨ ਵਨ ਸਟਾਪ ਸੈਂਟਰ ਦੀ ਕੇਸ ਵਰਕਰ ਕਮ ਸੈਂਟਰ ਐਡਮਨਿਸਟ੍ਰੇਟਰ ਮਮਤਾ ਰਾਣੀ, ਜ਼ਿਲ੍ਹਾ ਕੋਆਰਡੀਨੇਟਰ ਦਿਲਪ੍ਰੀਤ ਸਿੰਘ, ਡਾਟਾ ਐਂਟਰੀ ਆਪਰੇਟਰ ਕਾਜਲ, ਸੁਪਰਵਾਈਜ਼ਰ ਯਸ਼ਪਾਲ, ਕੇਸ ਵਰਕਰ ਮੀਨਾਕਸ਼ੀ ਅਤੇ ਮੀਡੀਆ ਡਾਕੂਮੈਂਟੇਸ਼ਨ ਅਸਿਸਟੈਂਟ ਸੁਰਜੀਤ ਸਿੰਘ ਸੰਧੂ ਮੌਜੂਦ ਸਨ।