ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕਤਾ ਸਮਾਰੋਹ ਕਰਵਾਇਆ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕਤਾ ਸਮਾਰੋਹ ਕਰਵਾਇਆ
Publish Date: Mon, 31 Aug 2026 05:02 PM (IST)
Updated Date: Mon, 31 Aug 2026 05:04 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 25 ਅਗਸਤ ਤੋਂ 8 ਸਤੰਬਰ 2026 ਤੱਕ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹੇ ਵਿਚ ਵੀ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ (ਵਾਧੂ ਚਾਰਜ) ਡਾ. ਰੇਣੂ ਮਿੱਤਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਖਾਂ ਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ। ਮੌਤ ਉਪਰੰਤ ਦਾਨ ਕੀਤੇ ਕੌਰਨੀਆ ਦੀ ਮੱਦਦ ਨਾਲ ਕੌਰਨੀਆ ਦੀ ਬਿਮਾਰੀ ਜਾਂ ਨੁਕਸ ਕਾਰਨ ਨਜ਼ਰ ਗੁਆ ਚੁੱਕੇ ਵਿਅਕਤੀਆਂ ਨੂੰ ਨਜ਼ਰ ਪ੍ਰਾਪਤ ਕਰਨ ਵਿਚ ਸਹਾਇਤਾ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਸਿਰਫ਼ ਮੌਤ ਤੋਂ ਬਾਅਦ ਹੀ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਦੀ ਪ੍ਰਕਿਰਿਆ ਜਿੰਨੀ ਜਲਦੀ ਹੋ ਸਕੇ, ਆਮ ਤੌਰ ਤੇ 6 ਤੋਂ 8 ਘੰਟਿਆਂ ਦੇ ਅੰਦਰ ਕਰਵਾਉਣੀ ਚਾਹੀਦੀ ਹੈ। ਇਸ ਲਈ ਪਰਿਵਾਰਕ ਮੈਂਬਰਾਂ ਨੂੰ ਆਪਣੇ ਪਿਆਰੇ ਦੀ ਮੌਤ ਹੋਣ ਦੀ ਸੂਰਤ ਵਿਚ ਤੁਰੰਤ ਸੰਬੰਧਤ ਆਈ ਬੈਂਕ ਜਾਂ ਅੱਖਾਂ ਦਾਨ ਸੇਵਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਸੰਬੰਧੀ ਲੋਕਾਂ ਵਿਚ ਕਈ ਤਰ੍ਹਾਂ ਦੀਆਂ ਗਲਤ ਧਾਰਨਾਵਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚਸ਼ਮਾ ਲਗਾਉਣ ਜਾਂ ਅੱਖਾਂ ਦੀਆਂ ਕੁਝ ਆਮ ਸਮੱਸਿਆਵਾਂ ਹੋਣ ਨਾਲ ਵਿਅਕਤੀ ਆਪਣੇ ਆਪ ਅੱਖਾਂ ਦਾਨ ਕਰਨ ਤੋਂ ਅਯੋਗ ਨਹੀਂ ਹੋ ਜਾਂਦਾ। ਅੰਤਿਮ ਯੋਗਤਾ ਮੈਡੀਕਲ ਮਾਹਿਰਾਂ ਵੱਲੋਂ ਨਿਰਧਾਰਤ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿਚ ਹੀ ਅੱਖਾਂ ਦਾਨ ਕਰਨ ਦਾ ਸੰਕਲਪ ਲੈਣ ਅਤੇ ਆਪਣੀ ਇੱਛਾ ਬਾਰੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਣੂ ਕਰਵਾਉਣ, ਤਾਂ ਜੋ ਮੌਤ ਉਪਰੰਤ ਉਨ੍ਹਾਂ ਦੀ ਇੱਛਾ ਅਨੁਸਾਰ ਸਮੇਂ ਸਿਰ ਅੱਖਾਂ ਦਾਨ ਦੀ ਪ੍ਰਕਿਰਿਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਨੋਟੋ ਪੋਰਟਲ ਰਾਹੀਂ ਅੱਖਾਂ ਦਾਨ ਲਈ ਆਨਲਾਈਨ ਰਜਿਸਟ੍ਰੇਸ਼ਨ/ਸੰਕਲਪ ਕਰ ਸਕਦੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਕ ਛੋਟਾ ਜਿਹਾ ਸੰਕਲਪ ਮੌਤ ਤੋਂ ਬਾਅਦ ਵੀ ਕਿਸੇ ਦੀ ਜ਼ਿੰਦਗੀ ਵਿਚ ਰੌਸ਼ਨੀ ਲਿਆ ਸਕਦਾ ਹੈ। ਇਸ ਲਈ ਹਰੇਕ ਨਾਗਰਿਕ ਨੂੰ ਅੱਖਾਂ ਦਾਨ ਪ੍ਰਤੀ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਮਪਹਵ (ਮੇਲ) ਪਰਮਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।