ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਮੀਟਿੰਗ ਕੀਤੀ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਇੰਟਰ-ਸੈਕਟੋਰਲ ਮੀਟਿੰਗ ਕੀਤੀ
Publish Date: Thu, 16 Jul 2026 04:14 PM (IST)
Updated Date: Thu, 16 Jul 2026 04:16 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਇੰਟਰ-ਸੈਕਟੋਰਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਰਾਜ, ਖੇਤੀਬਾੜੀ ਵਿਭਾਗ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਟਰਾਂਸਪੋਰਟ ਵਿਭਾਗ ਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਪਹਿਲਾਂ ਹੀ ਕਾਬੂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਹਾਈ ਰਿਸਕ ਏਰੀਆ ਦੀ ਵਿਸ਼ੇਸ਼ ਨਿਗਰਾਨੀ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਘਰ-ਘਰ ਲਾਰਵਾ ਸਰਵੇ ਤੇ ਤੁਰੰਤ ਸਰੋਤ ਨਸ਼ਟ ਕਰਨ ਦੀ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਲਾਰਵਾ ਸਰਵੇ, ਸਫ਼ਾਈ ਮੁਹਿੰਮਾਂ ਤੇ ਜਨ-ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਹਦਾਇਤ ਕੀਤੀ ਕਿ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤੇ ਲੋਕਾਂ ਨੂੰ ਹਰ ਹਫ਼ਤੇ ਕੂਲਰਾਂ, ਫਰਿੱਜ ਦੀਆਂ ਟਰੇਆਂ, ਗਮਲਿਆਂ ਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਘਰਾਂ ਦੀਆਂ ਛੱਤਾਂ, ਪੁਰਾਣੇ ਟਾਇਰਾਂ, ਕਬਾੜ ਤੇ ਹੋਰ ਥਾਵਾਂ ਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇ, ਕਿਉਂਕਿ ਡੇਂਗੂ ਦਾ ਮੱਛਰ ਸਾਫ਼ ਤੇ ਥੋੜ੍ਹੇ ਜਿਹੇ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਮਹੀਨੇ ਡੇਂਗੂ ਰੋਕਥਾਮ ਦੇ ਲਿਹਾਜ਼ ਨਾਲ ਬਹੁਤ ਮਹੱਤਵ ਪੂਰਨ ਹਨ। ਇਸ ਲਈ ਘਰ-ਘਰ ਲਾਰਵਾ ਸਰਵੇ ਨੂੰ ਹੋਰ ਤੇਜ਼ ਕੀਤਾ ਜਾਵੇ, ਛੱਪੜਾਂ ਵਿਚ ਗੰਬੂਜ਼ੀਆ ਮੱਛੀਆਂ ਛੱਡੀਆਂ ਜਾਣ ਤੇ ਪਿੰਡਾਂ ਤੇ ਸ਼ਹਿਰਾਂ ਵਿਚ ਜਨਤਕ ਅਨਾਊਂਸਮੈਂਟਾਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਸਵੇਰ ਦੀਆਂ ਅਸੈਂਬਲੀਆਂ ਦੌਰਾਨ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਾਂ ਨੂੰ ਵੀ ਜਾਗਰੂਕ ਕਰ ਸਕਣ। ਉਨ੍ਹਾਂ ਸ਼ਹਿਰਾਂ ਵਿਚ ਸਥਾਨਕ ਸਰਕਾਰ ਵਿਭਾਗ ਤੇ ਪੇਂਡੂ ਖੇਤਰਾਂ ਵਿਚ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਘਰਾਂ ਜਾਂ ਅਦਾਰਿਆਂ ਵਿਚ ਵਾਰ-ਵਾਰ ਡੇਂਗੂ ਦਾ ਲਾਰਵਾ ਮਿਲੇ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਚੇਤਾਵਨੀ ਜਾਰੀ ਕਰਨ ਉਪਰੰਤ ਜੁਰਮਾਨੇ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਘਰ-ਘਰ ਲਾਰਵਾ ਸਰਵੇ, ਜਾਗਰੂਕਤਾ ਮੁਹਿੰਮਾਂ, ਐਂਟੀ-ਲਾਰਵਾ ਗਤੀਵਿਧੀਆਂ ਤੇ ਬਿਮਾਰੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਸ਼ੁੱਕਰਵਾਰ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਸਫ਼ਾਈ ਜ਼ਰੂਰ ਕਰਨ, ਬੁਖ਼ਾਰ ਦੀ ਸੂਰਤ ਵਿਚ ਸਵੈ-ਦਵਾਈ ਤੋਂ ਬਚਣ ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਾਂ ਤੋਂ ਬਚਾਅ ਦੇ ਉਪਾਅ ਅਪਣਾਉਣ ਤੇ ਬੁਖ਼ਾਰ ਹੋਣ ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਦੇ ਲੱਛਣਾਂ, ਬਚਾਅ, ਰੋਕਥਾਮ ਗਤੀਵਿਧੀਆਂ ਤੇ ਇਲਾਜ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਵਿਚ ਤਬਦੀਲੀ ਦੌਰਾਨ ਡੇਂਗੂ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਜਾਂਚ ਤੇ ਇਲਾਜ ਨਾਲ ਡੇਂਗੂ ਕਾਰਨ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਬਚਿਆ ਜਾ ਸਕਦਾ ਹੈ। ਇਸ ਮੌਕੇ ਡਿਪਟੀ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਸਤਿੰਦਰਜੀਤ ਕੌਰ, ਡਾ. ਨੀਨਾ ਸ਼ਾਂਤ, ਡਾ. ਜਸਵਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਸੋਨੀਆ ਤੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮੁਖੀ ਤੇ ਹੋਰ ਅਧਿਕਾਰੀ ਹਾਜ਼ਰ ਸਨ।