ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Publish Date: Sat, 08 Aug 2026 04:52 PM (IST)
Updated Date: Sat, 08 Aug 2026 04:53 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਅਨੁਸ਼ਾਸਨ, ਸਹਿ-ਵਿਦਿਅਕ ਗਤੀਵਿਧੀਆਂ, ਪਲੇਸਮੈਂਟ ਦੇ ਮੌਕਿਆਂ ਅਤੇ ਸਰਵਪੱਖੀ ਵਿਕਾਸ ਨਾਲ ਜਾਣੂ ਕਰਵਾਉਣਾ ਸੀ। ਕਾਲਜ ਪ੍ਰਿੰ. ਡਾ. ਰਣਜੀਤ ਸਿੰਘ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਭਰਪੂਰ ਜ਼ਿੰਮੇਵਾਰ ਅਤੇ ਯੋਗ ਨਾਗਰਿਕ ਵਜੋਂ ਤਿਆਰ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਮਿਹਨਤ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਤਰ੍ਹਾਂ ਦੇ ਅਕਾਦਮਿਕ, ਖੇਡ, ਸੱਭਿਆਚਾਰਕ ਅਤੇ ਸਮਾਜਿਕ ਮੰਚ ਉਪਲਬਧ ਕਰਵਾਏ ਜਾਂਦੇ ਹਨ। ਉਪਰੰਤ ਆਰਟਸ ਵਿਭਾਗ ਦੇ ਮੁਖੀ ਡਾ. ਗੁਲਬਹਾਰ ਸਿੰਘ ਨੇ ਕਿਹਾ ਕਿ ਕਾਲਜ ਜੀਵਨ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਵਿਅਕਤੀ ਦੀ ਸ਼ਖ਼ਸੀਅਤ ਨਿਰਮਾਣ ਦਾ ਸੁਨਹਿਰੀ ਸਮਾਂ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕਾਰਾਤਮਕ ਸੋਚ ਅਪਣਾਉਣ, ਨਿਰੰਤਰ ਅਧਿਐਨ ਕਰਨ, ਸਮਾਜਿਕ ਸਰੋਕਾਰਾਂ ਨਾਲ ਜੁੜਨ ਅਤੇ ਆਪਣੇ ਟੀਚਿਆਂ ਪ੍ਰਤੀ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੀ ਅਕਾਦਮਿਕ ਪ੍ਰਣਾਲੀ, ਕ੍ਰੈਡਿਟ ਅਧਾਰਿਤ ਸਿੱਖਿਆ ਪ੍ਰਣਾਲੀ, ਹਾਜ਼ਰੀ ਦੇ ਨਿਯਮਾਂ, ਅੰਦਰੂਨੀ ਮੁਲਾਂਕਣ, ਪ੍ਰੀਖਿਆ ਪ੍ਰਣਾਲੀ, ਯੂਨੀਵਰਸਿਟੀ ਨਿਯਮਾਂ, ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਸਕਾਲਰਸ਼ਿਪਾਂ ਅਤੇ ਵਿਦਿਆਰਥੀਆਂ ਦੀਆਂ ਅਕਾਦਮਿਕ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੀ ਲਾਇਬ੍ਰੇਰੀ, ਸਮਾਰਟ ਕਲਾਸ ਰੂਮ, ਆਧੁਨਿਕ ਕੰਪਿਊਟਰ ਲੈਬਾਂ, ਐਨਐੱਸਐੱਸ, ਰੈੱਡ ਰਿਬਨ ਕਲੱਬ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਸਮੇਤ ਹੋਰ ਸਹਿ-ਵਿਦਿਅਕ ਮੰਚਾਂ ਨਾਲ ਜਾਣੂ ਕਰਵਾਉਂਦਿਆਂ ਨਿਯਮਿਤ ਤੌਰ ਤੇ ਕਲਾਸਾਂ ਵਿਚ ਹਾਜ਼ਰੀ ਲਗਾਉਣ, ਡਿਜੀਟਲ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ, ਆਪਣੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਵਿਚ ਰਹਿਣ ਅਤੇ ਸ਼ੁਰੂ ਤੋਂ ਹੀ ਆਪਣੇ ਕਰੀਅਰ ਦੀ ਸਹੀ ਯੋਜਨਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦਾ ਹਰ ਅਧਿਆਪਕ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਮਾਰਗ ਦਰਸ਼ਨ ਦੇਣ ਲਈ ਵਚਨਬੱਧ ਹੈ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਗੁਰਸ਼ਾਨ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਪਲੇਸਮੈਂਟ ਸੈੱਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲਜ ਵੱਲੋਂ ਸਮੇਂ-ਸਮੇਂ ਤੇ ਨਾਮਵਰ ਕੰਪਨੀਆਂ ਦੇ ਕੈਂਪਸ ਪਲੇਸਮੈਂਟ ਡਰਾਈਵ, ਕਰੀਅਰ ਕਾਊਂਸਲਿੰਗ ਸੈਸ਼ਨ, ਸਕਿੱਲ ਡਿਵੈਲਪਮੈਂਟ ਵਰਕਸ਼ਾਪਾਂ, ਇੰਟਰਨਸ਼ਿਪ ਅਤੇ ਉਦਯੋਗਿਕ ਮਾਹਿਰਾਂ ਦੇ ਵਿਸ਼ੇਸ਼ ਲੈਕਚਰ ਕਰਵਾਏ ਜਾਂਦੇ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਅਤੇ ਉੱਚ ਸਿੱਖਿਆ ਦੇ ਬਿਹਤਰ ਮੌਕੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਯੋਗਤਾਵਾਂ, ਸੰਚਾਰ ਕੁਸ਼ਲਤਾ ਅਤੇ ਵਿਹਾਰਕ ਗਿਆਨ ਨੂੰ ਨਿਰੰਤਰ ਨਿਖਾਰਨ ਲਈ ਪ੍ਰੇਰਿਤ ਕੀਤਾ। ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਦੀਕਸ਼ਾ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਖੋਜਾਤਮਿਕ ਸੋਚ, ਪ੍ਰਯੋਗਾਤਮਕ ਸਿੱਖਿਆ ਅਤੇ ਨਵੀਨਤਾਕਾਰੀ ਸਰਗਰਮੀਆਂ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਵਿਹਾਰਕ ਗਿਆਨ ਅਤੇ ਖੋਜ ਦੀ ਸੋਚ ਹੀ ਵਿਦਿਆਰਥੀਆਂ ਨੂੰ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਤੱਕ ਲੈ ਕੇ ਜਾਂਦੀ ਹੈ। ਪ੍ਰੋਗਰਾਮ ਦੌਰਾਨ ਨਵੇਂ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਕਾਲਜ ਦੀਆਂ ਵੱਖ-ਵੱਖ ਅਕਾਦਮਿਕ, ਸਹਿ-ਵਿਦਿਅਕ ਅਤੇ ਪਲੇਸਮੈਂਟ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਇਸ ਓਰੀਐਂਟੇਸ਼ਨ ਪ੍ਰੋਗਰਾਮ ਨੇ ਉਨ੍ਹਾਂ ਨੂੰ ਕਾਲਜ ਦੇ ਅਨੁਸ਼ਾਸਿਤ, ਵਿਦਿਆਰਥੀ-ਪੱਖੀ ਅਤੇ ਸਿੱਖਿਆ ਦੇ ਉੱਤਮ ਮਾਹੌਲ ਨਾਲ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।