ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਮੁਜ਼ਾਹਰਾ
ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ ਬੰਗਾ ਵਿਚ ਮਹਿਲਾ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ
Publish Date: Fri, 13 Mar 2026 07:08 PM (IST)
Updated Date: Sat, 14 Mar 2026 04:10 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀਆਂ ਵਧਾਈਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਜਤਿੰਦਰ ਕੌਰ ਮੂੰਗਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਮਹਿਲਾ ਕਾਂਗਰਸ ਦੀ ਪ੍ਰਧਾਨ ਜਤਿੰਦਰ ਕੌਰ ਮੂੰਗਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਧਾਉਣਾ ਬਹੁਤ ਹੀ ਮੰਦਭਾਗਾ ਕਦਮ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿਚ ਕਾਂਗਰਸ ਦੀ ਸਰਕਾਰ ਸੀ ਤਾਂ ਮੌਜੂਦਾ ਸਰਕਾਰ ਦੇ ਨੇਤਾਵਾਂ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਜਾਂਦੇ ਸਨ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤਾਂ ਗੈਸ ਸਿਲੰਡਰ ਦੀ ਕੀਮਤ 300 ਰੁਪਏ ਤੋਂ ਵੱਧ ਨਹੀਂ ਹੋਣ ਦਿੱਤੀ ਜਾਵੇਗੀ, ਪਰ ਅੱਜ ਹਾਲਾਤ ਇਹ ਹਨ ਕਿ ਗੈਸ ਸਿਲੰਡਰ ਦੀ ਕੀਮਤ 1000 ਰੁਪਏ ਦੇ ਨੇੜੇ ਪਹੁੰਚ ਗਈ ਹੈ। ਇਸ ਕਾਰਨ ਆਮ ਲੋਕਾਂ ਅਤੇ ਖਾਸ ਕਰਕੇ ਮਹਿਲਾਵਾਂ ਨੂੰ ਘਰੇਲੂ ਬਜਟ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਦੇਸ਼ ਵਿਚ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਅਤੇ ਰੋਜ਼ਮਰਾ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਕਾਰਨ ਘਰ ਦਾ ਖਰਚ ਚਲਾਉਣਾ ਬਹੁਤ ਔਖਾ ਹੋ ਗਿਆ ਹੈ। ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਨਾਲ ਮਹਿਲਾਵਾਂ ਦੇ ਰਸੋਈ ਬਜਟ ਤੇ ਸਿੱਧਾ ਅਸਰ ਪੈ ਰਿਹਾ ਹੈ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਨੇ ਵੀ ਕੇਂਦਰ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੀ ਕੜੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਹ ਨੀਤੀਆਂ ਆਮ ਲੋਕਾਂ ਲਈ ਭਾਰੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਵੱਲੋਂ ਲੋਕ ਹਿੱਤਾਂ ਲਈ ਕੀਤਾ ਇਹ ਰੋਸ ਪ੍ਰਦਰਸ਼ਨ ਕਾਬਿਲ-ਏ-ਸ਼ਲਾਘਾ ਹੈ ਅਤੇ ਔਰਤਾਂ ਵੱਲੋਂ ਆਪਣੀ ਆਵਾਜ਼ ਬੁਲੰਦ ਕਰਨਾ ਸਰਕਾਰ ਲਈ ਇਕ ਵੱਡਾ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਮਹਿੰਗਾਈ ਖਿਲਾਫ ਆਪਣੀ ਆਵਾਜ਼ ਉਠਾਉਂਦੀ ਰਹੇਗੀ। ਜਤਿੰਦਰ ਕੌਰ ਮੂੰਗਾ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਨਾ ਲਈਆਂ ਗਈਆਂ ਤਾਂ ਮਹਿਲਾ ਕਾਂਗਰਸ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ ਅਤੇ ਲੋਕਾਂ ਦੇ ਹੱਕਾਂ ਲਈ ਲੜਾਈ ਹੋਰ ਤੇਜ਼ ਕੀਤੀ ਜਾਵੇਗੀ। ਇਸ ਮੌਕੇ ਨਰਿੰਦਰ ਕੌਰ, ਮੁਸਕਾਨ, ਡਿੰਪਲ, ਸੰਦੀਪ, ਪਾਲੋ, ਜਗੀਰ ਕੌਰ, ਸੁਸ਼ਮਾ, ਰਿੰਕਲ, ਬਬੀਤਾ, ਕਾਜਲ, ਗੁਰਦੀਪ, ਹਰਮਨ ਕੌਰ, ਜਸਵੀਰ ਕੌਰ, ਸੰਤੋਸ਼ ਕੁਮਾਰੀ, ਪਰਮਜੀਤ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਚਮਨ ਲਾਲ, ਸੰਜੀਵ ਕੁਮਾਰ, ਗੁਰਦੀਪ ਕੌਰ, ਹਰਮਨ, ਕਾਜਲ, ਸੰਤੋਸ਼, ਅੰਜਲੀ ਆਦਿ ਵੀ ਹਾਜ਼ਰ ਸਨ।