ਪੀਏਯੂ ਕਾਲਜ ਆਫ਼ ਐਗਰੀਕਲਚਰ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਪੀਏਯੂ ਕਾਲਜ ਆਫ਼ ਐਗਰੀਕਲਚਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Wed, 07 Oct 2026 04:01 PM (IST)
Updated Date: Wed, 07 Oct 2026 04:02 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਾਲਜ ਆਫ਼ ਐਗਰੀਕਲਚਰ ਬੱਲੋਵਾਲ ਸੌਂਖੜੀ ਵਿਖੇ ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੀ ਰੋਕਥਾਮ ਸੰਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ। ਜਿਸ ਦੌਰਾਨ ਡੀਐੱਸਪੀ ਅਮਨਦੀਪ ਸੋਂਧੀ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ਿਆਂ ਦੀ ਸਮੱਸਿਆ ਦੇ ਗੰਭੀਰ ਸਮਾਜਿਕ, ਸਰੀਰਕ ਅਤੇ ਮਾਨਸਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਉਸਾਰੂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਵਿਦਿਅਕ ਸੰਸਥਾਵਾਂ, ਮਾਪਿਆਂ, ਅਧਿਆਪਕਾਂ, ਪੁਲਿਸ ਅਤੇ ਸਮਾਜ ਦੀ ਸਾਂਝੀ ਭੂਮਿਕਾ ਬਹੁਤ ਮਹੱਤਵ ਪੂਰਨ ਹੈ। ਇੰਸਪੈਕਟਰ ਰੁਬਨੀਵ ਸਿੰਘ ਬਾਜਵਾ ਐੱਸਐੱਚਓ ਸਦਰ ਥਾਣਾ ਬਲਾਚੌਰ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਨਾਲ ਜੁੜੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਕਾਰਾਤਮਕ ਸੰਗਤ ਅਤੇ ਨਸ਼ਿਆਂ ਵੱਲ ਲੈ ਜਾਣ ਵਾਲੇ ਪ੍ਰਭਾਵਾਂ ਤੋਂ ਸੁਚੇਤ ਰਹਿਣ ਅਤੇ ਲੋੜ ਪੈਣ ਤੇ ਸਹੀ ਸਮੇਂ ਤੇ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਪ੍ਰਧਾਨਗੀ ਡਾ. ਮਨਮੋਹਨਜੀਤ ਸਿੰਘ ਡੀਨ ਪੀਏਯੂ ਕਾਲਜ ਆਫ਼ ਐਗਰੀਕਲਚਰ ਬੱਲੋਵਾਲ ਸੌਂਖੜੀ ਨੇ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਡਾ. ਸਿੰਘ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦਾ ਸੱਦਾ ਦਿੱਤਾ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਦੀ ਭੂਮਿਕਾ ਅਤੇ ਨਸ਼ਾ ਛੱਡਣ ਸੰਬੰਧੀ ਵੱਖ-ਵੱਖ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਢੁਕਵੇਂ ਜਵਾਬ ਦਿੱਤੇ ਗਏ। ਸੈਮੀਨਾਰ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਬਤੀਤ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ।